ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ) : ਮੁਹਾਲੀ ਦੇ ਫੇਜ਼-7 ਦੀ ਮਾਰਕੀਟ ਵਿੱਚ ਪੰਜਾਬ ਕਿਸਾਨ ਯੂਨੀਅਨ ਵੱਲੋਂ ਚੰਦਾ ਇਕੱਠਾ ਕਰਨ ਲਈ ਰਾਹਤ ਕੈਂਪ ਲਗਾਉਣ ਦਾ ਮਾਮਲਾ ਮੁੜ ਭਖ ਗਿਆ ਹੈ। ਕਿਸਾਨ ਯੂਨੀਅਨ (ਲੱਖੋਵਾਲ), ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਕਿਸਾਨ ਯੂਨੀਅਨ ਰਾਜੇਵਾਲ ਅਤੇ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਅੱਜ ਐੱਸਐੱਸਪੀ ਦਫ਼ਤਰ ਵਿੱਚ ਨਵੇਂ ਸਿਰਿਓਂ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰਦਿਆਂ ਜਥੇਬੰਦੀ ਦੇ ਆਗੂਆਂ ’ਤੇ ਚੰਦੇ ਦੀ ਦੁਰਵਰਤੋਂ ਦਾ ਦੋਸ਼ ਲਗਾਇਆ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਦਦ ਦੇਣ ਲਈ ਉਹ ਧਰਨੇ ’ਤੇ ਬੈਠੇ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕਾਇਮ ਕਰਨ। ਐੱਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਦੋਵੇਂ ਕਿਸਾਨ ਧਿਰਾਂ ਨਾਲ ਗੱਲ ਕਰਕੇ ਜਲਦੀ ਹੀ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ। ਦੂਜੇ ਪਾਸੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੋਸ਼ ਨਕਾਰੇ।