ਨਵੀਂ ਦਿੱਲੀ (ਸਮਾਜ ਵੀਕਲੀ) : ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਕਿਸਾਨ ਯੂਨੀਅਨਾਂ ਵਿਚਾਲੇ ਬਣੇ ਜਮੂਦ ਦਰਮਿਆਨ ਕਾਂਗਰਸ ਨੇ ਅੱਜ ਕਿਹਾ ਕਿ ਇਸ ਮਸਲੇ ਦਾ ਇਕੋ ਇਕ ਹੱਲ ਤਿੰਨ ਖੇਤੀ ਕਾਨੂੰਨਾਂ ’ਤੇ ਲੀਕ ਮਾਰਨਾ ਹੈ। ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਪਿਛਲੇ ਇਕ ਮਹੀਨੇ ਤੋਂ ਜੰਤਰ ਮੰਤਰ ’ਤੇ ਬੈਠੇ ਪੰਜਾਬ ਨਾਲ ਸਬੰਧਤ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਰਾਹੁਲ ਗਾਂਧੀ ਦੀ ਰਿਹਾਇਸ਼ ’ਤੇ ਹੋਈ। ਇਸ ਦੌਰਾਨ ਰਾਹੁਲ ਨੇ ਟਵੀਟ ਕਰਕੇ ਸਰਕਾਰ ਨੂੰ ਘੇਰਿਆ।
ਸੰਸਦ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਪ੍ਰਿਯੰਕਾ ਨੇ ਕਿਹਾ, ‘ਇਸ ਮਸਲੇ ਦਾ ਇਕੋ ਹੱਲ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਹੈ। ਇਸ ਦਾ ਦੂਜਾ ਕੋਈ ਹੋਰ ਹੱਲ ਨਹੀਂ ਹੈ। ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤੇ ਅਸੀਂ ਪਿੱਛੇ ਨਹੀਂ ਹਟਾਂਗੇ।’ ਚੇਤੇ ਰਹੇ ਕਿ ਪੰਜਾਬ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਗਿੱਲ ਤੇ ਗੁਰਜੀਤ ਸਿੰਘ ਔਜਲਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਕੁਝ ਹੋਰ ਪਾਰਟੀ ਵਿਧਾਇਕ ਪਿਛਲੇ 32 ਦਿਨਾਂ ਤੋਂ ਕਿਸਾਨਾਂ ਦੀ ਹਮਾਇਤ ’ਚ ਜੰਤਰ ਮੰਤਰ ’ਤੇ ਧਰਨਾ ਲਾਈ ਬੈਠੇ ਹਨ।