ਖੇਤੀ ਬਿੱਲਾਂ ਖ਼ਿਲਾਫ਼ ਵੋਟ ਪਾਵੇਗਾ ਅਕਾਲੀ ਦਲ: ਸੁਖਬੀਰ

ਨਵੀਂ ਦਿੱਲੀ (ਸਮਾਜ ਵੀਕਲੀ) : ਆਪਣੀ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੂੰ ਅਸਿੱਧੀ ਚਿਤਾਵਨੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨੀ ਦੇ ਹਿੱਤਾਂ ਲਈ ਕੁਝ ਵੀ ਕੁਰਬਾਨ ਕਰ ਸਕਦੀ ਹੈ। ਉਨ੍ਹਾਂ ਸਰਕਾਰ ਵੱਲੋਂ ਸੰਸਦ ’ਚ ਪੇਸ਼ ਕੀਤੇ ਗਏ ਖੇਤੀ ਖੇਤਰ ਨਾਲ ਸਬੰਧਤ ਤਿੰਨ ਆਰਡੀਨੈਂਸਾਂ ਦਾ ਵਿਰੋਧ ਕੀਤਾ ਤੇ ਕੇਂਦਰ ਨੂੰ ਕਿਸਾਨਾਂ ਦੇ ਖਦਸ਼ੇ ਦੂਰ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਨੂੰ ਅਪੀਲ ਕਰਦਾ ਰਿਹਾ ਹੈ ਕਿ ਖੇਤੀ ਨਾਲ ਸਬੰਧਤ ਇਨ੍ਹਾਂ ਤਿੰਨਾਂ ਬਿੱਲਾਂ ਸਬੰਧੀ ਜਦੋਂ ਤੱਕ ਕਿਸਾਨ ਜਥੇਬੰਦੀਆਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਨਹੀਂ ਹੋ ਜਾਂਦੇ, ਇਨ੍ਹਾਂ ਨੂੰ ਸੰਸਦ ’ਚ ਮਨਜ਼ੂਰੀ ਲਈ ਪੇਸ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਬਿੱਲ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਨੂੰ ਆਪਣੇ ਸਹਿਯੋਗੀਆਂ ਤੇ ਘੱਟ ਤੋਂ ਘੱਟ ਉਨ੍ਹਾਂ ਪਾਰਟੀਆਂ ਨਾਲ ਵਿਚਾਰ ਕਰ ਲੈਣਾ ਚਾਹੀਦਾ ਸੀ ਜੋ ਲਾਜ਼ਮੀ ਤੌਰ ’ਤੇ ਕਿਸਾਨਾਂ ਦੀਆਂ ਪਾਰਟੀਆਂ ਹਨ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਸਭਾ ਦੇ ਚੀਫ ਵ੍ਹਿਪ ਨਰੇਸ਼ ਗੁਜਰਾਲ ਨੇ ਪਾਰਟੀ ਦੇ ਸਾਰੇ ਰਾਜ ਸਭਾ ਮੈਂਬਰਾਂ ਨੂੰ ਤਿੰਨ ਲਾਈਨਾਂ ਦੀ ਵ੍ਹਿਪ ਜਾਰੀ ਕਰਕੇ ਖੇਤੀਬਾੜੀ ਮੰਡੀਕਰਨ ਅਤੇ ਜ਼ਰੂਰੀ ਵਸਤੂਆਂ ਐਕਟ ਵਿੱਚ ਸੋਧ ਬਾਰੇ ਤਿੰਨ ਕੇਂਦਰੀ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਆਖਿਆ ਹੈ। ਇਨ੍ਹਾਂ ਤਿੰਨੋਂ ਬਿੱਲਾਂ ਖ਼ਿਲਾਫ਼ ਵੋਟ ਪਾਉਣ ਦੀ ਹਦਾਇਤ ਕੀਤੀ ਹੈ।

Previous articleਰਾਜਨਾਥ ਭਾਰਤ-ਚੀਨ ਮੁੱਦੇ ’ਤੇ ਰਾਜ ਸਭਾ ’ਚ ਭਲਕੇ ਦੇਣਗੇ ਬਿਆਨ
Next articleਘੱਟੋ ਘੱਟ ਸਮਰਥਨ ਮੁੱਲ ਜਾਰੀ ਰਹੇਗਾ: ਨੱਢਾ