ਸੰਗਰੂਰ/ਬਰਨਾਲਾ (ਸਮਾਜ ਵੀਕਲੀ) : ਖੇਤੀ ਬਿੱਲਾਂ ਦੇ ਹੱਕ ਵਿਚ ਪ੍ਰੈੱਸ ਕਾਨਫ਼ਰੰਸ ਕਰ ਕੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਸਮਝਾਉਣ ਦਾ ਦਾਅਵਾ ਕਰ ਰਹੇ ਭਾਜਪਾ ਦੇ ਜ਼ਿਲ੍ਹਾ ਆਗੂਆਂ ਦਾ ਕਿਸਾਨਾਂ ਨੇ ਸੰਗਰੂਰ ਤੇ ਬਰਨਾਲਾ ’ਚ ਹੀ ਘਿਰਾਓ ਕੀਤਾ। ਕਿਸਾਨਾਂ ਨੇ ਭਾਜਪਾ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਖੇਤੀ ਬਿੱਲਾਂ ਬਾਰੇ ਕਿਸਾਨਾਂ ਨੂੰ ਸਮਝਾਉਣ ਦਾ ਦਾਅਵਾ ਕਰਨ ਵਾਲੇ ਭਾਜਪਾ ਆਗੂਆਂ ਨੂੰ ਪਿੰਡਾਂ ’ਚ ਵੜਨ ਨਹੀਂ ਦਿੱਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰੇ ਭਾਜਪਾ ਦੀ ਜ਼ਿਲ੍ਹਾ ਇਕਾਈ ਨੇ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਪ੍ਰੈੱਸ ਕਾਨਫਰੰਸ ਰੱਖੀ ਸੀ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ, ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਕਪਿਆਲ, ਸੂਬਾ ਕਾਰਜਕਰਨੀ ਮੈਂਬਰ ਸਰਜੀਵਨ ਜਿੰਦਲ ਤੇ ਹੋਰ ਹਾਜ਼ਰ ਸਨ। ਅਨਾਜ ਮੰਡੀ ’ਚ ਇਕੱਠੇ ਹੋਏ ਕਿਸਾਨਾਂ ਨੂੰ ਜਿਉਂ ਹੀ ਖੇਤੀ ਬਿੱਲਾਂ ਦੇ ਹੱਕ ’ਚ ਭਾਜਪਾ ਦੀ ਕਾਨਫਰੰਸ ਦੀ ਭਿਣਕ ਪਈ ਤਾਂ ਰੋਸ ਮਾਰਚ ਕਰਦੇ ਹੋਏ ਕਿਸਾਨ ਅਗਰਵਾਲ ਧਰਮਸ਼ਾਲਾ ਅੱਗੇ ਪੁੱਜ ਗਏ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਲੌਂਗੋਵਾਲ, ਯੂਥ ਵਿੰਗ ਦੇ ਜ਼ਿਲ੍ਹਾ ਆਗੂ ਸੁਰਿੰਦਰ ਸਿੰਘ ਲੌਂਗੋਵਾਲ, ਇਕਾਈ ਬਹਾਦਰਪੁਰ ਦੇ ਪ੍ਰਧਾਨ ਬੱਗਾ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਦੇ ਹਿੱਤਾਂ ਨਾਲ ਗੱਦਾਰੀ ਕਰ ਕੇ ਭਾਜਪਾ ਲੀਡਰਸ਼ਿਪ ਹੁਣ ਕਿਸਾਨਾਂ ਤੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਭਾਜਪਾ ਦਾ ਪੰਜਾਬ ਵਿੱਚ ਅਜਿਹਾ ਪ੍ਰਚਾਰ ਨਹੀਂ ਚੱਲਣ ਦੇਵਾਂਗੇ।
ਉੱਧਰ ਬਰਨਾਲਾ ਦੇ ਰੈਸਟ ਹਾਊਸ ’ਚ ਭਾਜਪਾ ਆਗੂਆਂ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਾਉਂਦਿਆਂ ਭਾਜਪਾ ਆਗੂਆਂ ਦਾ ਘਿਰਾਓ ਕੀਤਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਮਹਿੰਦਰ ਸਿੰਘ ਵੜੈਚ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਇਹ ਖੇਤੀ ਬਿੱਲ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਦਾ ਦੁੱਖ-ਦਰਦ ਕੇਂਦਰ ਤੱਕ ਪਹੁੰਚਾਉਣਾ ਸੀ, ਪਰ ਇਸ ਦੇ ਉਲਟ ਇਹ ਲੀਡਰ ਕੇਂਦਰ ਦੀ ਗੱਲ ਲਿਆ ਕੇ ਪੰਜਾਬ ਦੇ ਕਿਸਾਨਾਂ ’ਤੇ ਸੁੱਟ ਰਹੇ ਹਨ। ਹੁਣ ਪੰਜਾਬ ਦੇ ਕਿਸਾਨਾਂ ਦਾ ਸਬਰ ਟੁੱਟ ਚੁੱਕਿਆ ਹੈ। ਦੂਜੇ ਪਾਸੇ ਭਾਜਪਾ ਦੇ ਸੂਬਾ ਆਗੂ ਦਰਸ਼ਨ ਸਿੰਘ ਨੈਣੇਵਾਲ ਨੇ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਪੱਖ ਵਿੱਚ ਹਨ।