ਖੇਤੀ ਸੁਧਾਰ ਆਰਡੀਨੈਂਸ ਮਨਜ਼ੂਰ ਨਹੀਂ: ਕੈਪਟਨ

ਚੰਡੀਗੜ੍ਹ (ਸਮਾਜਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਐਲਾਨੇ ਅਖੌਤੀ ਸੁਧਾਰਾਂ ਨੂੰ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਅਸਥਿਰ ਕਰਨ ਲਈ ਢੀਠਤਾ ਵਾਲਾ ਯਤਨ ਆਖਦਿਆਂ ਰੱਦ ਕੀਤਾ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਇਸ ਨਾਲ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਵਿਵਸਥਾ ਦੇ ਖ਼ਾਤਮੇ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਵਿਚ ਬੇਚੈਨੀ ਪੈਦਾ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਭਾਰਤ ਸਰਕਾਰ ਦੇ ਮੁਲਕ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਊਸ ਕਦਮ ਖ਼ਿਲਾਫ਼ ਲੜੇਗਾ, ਜਿਸ ਨਾਲ ਸੂਬੇ ਦੇ ਮਜ਼ਬੂਤ ਖੇਤੀ ਉਤਪਾਦਨ ਅਤੇ ਮਾਰਕੀਟਿੰਗ ਵਿਵਸਥਾ ਵਿੱਚ ਸਿੱਧਾ ਜਾਂ ਨੁਕਸਾਨਦਾਇਕ ਦਖ਼ਲ ਦਿੱਤਾ ਜਾ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹਾ ਫ਼ੈਸਲਾ ਮੁਲਕ ਦੀ ਅੰਨ ਸੁਰੱਖਿਆ, ਜਿਸ ਨੂੰ ਬਹਾਲ ਰੱਖਣ ਲਈ ਹਰੀ ਕ੍ਰਾਂਤੀ ਤੋਂ ਹੀ ਪੰਜਾਬ ਦੇ ਨਿਰਸਵਾਰਥ ਕਿਸਾਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ।

ਕੈਪਟਨ ਨੇ ਆਖਿਆ ਕਿ ਭਾਰਤ ਦਾ ਸੰਘੀ ਢਾਂਚਾ ਕੇਂਦਰ ਅਤੇ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾ ਨੂੰ ਸਪੱਸ਼ਟ ਰੂਪ ਵਿੱਚ ਨਿਰਧਾਰਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਵਿਵਸਥਾ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਕੋਲ ਅਜਿਹਾ ਕਾਨੂੰਨ ਬਣਾਉਣ ਲਈ ਕੋਈ ਸ਼ਕਤੀਆਂ ਨਹੀਂ, ਜਿਸ ਨਾਲ ਖੇਤੀਬਾੜੀ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਸੈਸਿੰਗ ਦੀ ਗਤੀਸ਼ੀਲਤਾ ਨਾਲ ਨਜਿੱਠਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਮਸਲੇ ਸੂਬਿਆਂ ਦੇ ਹਨ, ਜਿਨ੍ਹਾਂ ਨੂੰ ਸੂਬੇ ਨਿੱਜੀ ਪੱਧਰ ’ਤੇ ਬਿਹਤਰੀ ਨਾਲ ਨਜਿੱਠ ਸਕਦੇ ਹਨ। ਉਨ੍ਹਾਂ ਕਿਹਾ, ‘‘ਕਿਸਾਨੀ ਪੈਦਾਵਾਰ, ਵਪਾਰ ਅਤੇ ਵਣਜ ( ਉੱਥਾਨ ਅਤੇ ਸਹੂਲਤ) ਆਰਡੀਨੈਂਸ-2020 ਕੇਂਦਰ ਸਰਕਾਰ ਦੇ ਪੱਧਰ ’ਤੇ ਉੱਚ ਦਰਜੇ ਦਾ ਨਾਂਹ-ਪੱਖੀ ਫ਼ੈਸਲਾ ਹੈ।’’

ਮੁੱਖ ਮੰਤਰੀ ਨੇ ਵੀਡੀਓ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੇ ਅਚਾਨਕ ਫ਼ੈਸਲੇ ਲੈਣ ਅਤੇ ਰਾਜਾਂ ਦਾ ਪੱਖ ਜਾਣੇ ਬਗੈਰ ਇਨ੍ਹਾਂ ਨੂੰ ਸੂਬਿਆਂ ’ਤੇ ਥੋਪਣ ਦੀ ਆਦਤ ਸੂਬੇ ਦੇ ਸੰਘੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਅਜਿਹੇ ਕਦਮ ਆਰਥਿਕ, ਸਮਾਜਿਕ, ਕਾਨੂੰਨ ਅਤੇ ਵਿਵਸਥਾ ਲਈ ਗੰਭੀਰ ਨਤੀਜੇ ਪੈਦਾ ਕਰ ਸਕਦੇ ਹਨ।

ਇਸ ਨਾਲ ਕਿਸਾਨਾਂ ਦਾ ਕੋਈ ਲਾਭ ਨਹੀਂ ਹੋਵੇਗਾ ਅਤੇ ਇਸ ਕਾਨੂੰਨੀ ਤਬਦੀਲੀ ਨਾਲ ਕਿਸਾਨਾਂ ਦਾ ਵਪਾਰੀਆਂ ਹੱਥੋਂ ਨੁਕਸਾਨ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਕੋਈ ਵਿਵਸਥਾ ਨਹੀਂ ਬਣਾਈ ਗਈ ਅਤੇ ਨਾ ਹੀ ਸੂਬਾ ਸਰਕਾਰਾਂ ਨਾਲ ਇਸ ਸਬੰਧੀ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ ਹੈ, ਜਿਨ੍ਹਾਂ ਨੂੰ ਕੇਂਦਰ ਦੇ ਜਲਦਬਾਜ਼ੀ ’ਚ ਚੁੱਕੇ ਇਸ ਕਦਮ ਦੇ ਨਤੀਜੇ ਭੁਗਤਣ ਲਈ ਛੱਡ ਦਿੱਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚੀਨ ਵੱਲੋਂ ਕੂਟਨੀਤਕ ਯਤਨਾਂ ਨੂੰ ਕੋਈ ਹੁੰਗਾਰਾ ਨਾ ਦੇਣ ਦੀ ਸੂਰਤ ਵਿੱਚ ਇਸ ਗੁਆਂਢੀ ਮੁਲਕ ਨਾਲ ਲਗਾਤਾਰ ਉਠ ਰਹੇ ਸਰਹੱਦੀ ਮਸਲੇ ’ਤੇ ਸਖ਼ਤ ਸਟੈਂਡ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ‘‘ਇਹ ਮਸਲਾ ਗੱਲਬਾਤ ਅਤੇ ਸਫ਼ਾਰਤੀ ਯਤਨਾਂ ਨਾਲ ਸੁਲਝਾਉਣ ਦੀ ਜ਼ਰੂਰਤ ਹੈ, ਪਰ ਅਸੀਂ ਸਰਹੱਦ ’ਤੇ ਚੀਨ ਦੀਆਂ ਗਤੀਵਿਧੀਆਂ ਨਾਲ ਪੈਦਾ ਹੋ ਰਹੇ ਖ਼ਤਰੇ ਵੱਲ ਪਿੱਠ ਨਹੀਂ ਕਰ ਸਕਦੇ।’’

ਕੈਪਟਨ ਨੇ ਕਿਹਾ ਕਿ ਪ੍ਰਭੂਸੱਤਾ ਕੌਮਾਂ ਵਾਲੇ ਦੋਵੇਂ ਮੁਲਕਾਂ ਨੂੰ ਇਸ ਸਮੱਸਿਆ ਦਾ ਹੱਲ ਕੂਟਨੀਤਕ ਪੱਧਰ ’ਤੇ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੰਗ ਨਹੀਂ ਚਾਹੁੰਦਾ ਪਰ ਚੀਨ ਵੱਲੋਂ ਇਸ ਤਰ੍ਹਾਂ ਪ੍ਰੇਸ਼ਾਨ ਕੀਤੇ ਜਾਣ ਨੂੰ ਸਵੀਕਾਰ ਵੀ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਚੀਨ ਨੂੰ ਭਾਰਤੀ ਖੇਤਰ ’ਚੋਂ ਬਾਹਰ ਧੱਕਣਾ ਚਾਹੀਦਾ ਹੈ।

Previous articlePiyush Goyal’s mother Chandrakanta Goyal passes away
Next articleIndia demands China to remove its troops, structures from Pangong Lake