ਅੰਮ੍ਰਿਤਸਰ (ਸਮਾਜਵੀਕਲੀ) : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਪੱਤਰ ਭੇਜ ਕੇ ਮਾਮਲੇ ਦੀ ਜਾਂਚ ਮੁੜ ਵਿਜੀਲੈਂਸ ਬਿਊਰੋ ਨੂੰ ਦੇਣ ਜਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਰਾਉਣ ਦੀ ਮੰਗ ਕੀਤੀ। ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਇਹ ਜਾਂਚ ਵਿਜੀਲੈਂਸ ਵਿਭਾਗ ਕੋਲੋਂ ਲੈ ਕੇ ਸਥਾਨਕ ਪੁਲੀਸ ਨੂੰ ਸੌਂਪ ਦਿੱਤੀ ਗਈ ਸੀ।
ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਜਾਂਚ ਕਰਦਿਆਂ ਨਿੱਜੀ ਲੈਬ ਅਤੇ ਇਕ ਨਿੱਜੀ ਹਸਪਤਾਲ ਦੇ ਛੇ ਡਾਕਟਰਾਂ ਅਤੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸ੍ਰੀ ਔਜਲਾ ਨੇ ਇਸ ਮਾਮਲੇ ਦੀ ਜਾਂਚ ਮੁੜ ਵਿਜੀਲੈਂਸ ਵਿਭਾਗ ਨੂੰ ਸੌਂਪਣ ਦੀ ਅਪੀਲ ਕਰਦਿਆਂ ਕਿਹਾ ਕਿ ਜੇ ਅਜਿਹਾ ਨਹੀਂ ਹੋ ਸਕਦਾ ਤਾਂ ਇਸ ਦੀ ਨਿਆਂਇਕ ਜਾਂਚ ਮੌਜੂਦਾ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਕਰਾਈ ਜਾਵੇ।