ਅੰਮ੍ਰਿਤਸਰ (ਸਮਾਜ ਵੀਕਲੀ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਰਹੱਦੀ ਇਲਾਕਿਆਂ ਵਿੱਚ ਹੋ ਰਹੀ ਗ਼ੈਰਕਾਨੂੰਨੀ ਮਾਈਨਿੰਗ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਉਹ ਇੱਥੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਸਰਹੱਦੀ ਪੱਟੀ ਨਾਲ ਸਬੰਧਤ ਸਰਪੰਚਾਂ ਨਾਲ ਗੱਲਬਾਤ ਕਰਦੇ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਹਿਯੋਗ ਮੰਗਿਆ ਹੈ।
ਉਨ੍ਹਾਂ ਸਰਹੱਦੀ ਇਲਾਕੇ ’ਚ ਹੁੰਦੀ ਗ਼ੈਰਕਾਨੂੰਨੀ ਮਾਈਨਿੰਗ ਉਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ, ਕਿਉਂਕਿ ਇਸ ਮਾਈਨਿੰਗ ਨਾਲ ਸਰਹੱਦ ਉਤੇ ਬਣੇ ਫੌਜ ਦੇ ਮੋਰਚੇ, ਬੰਕਰ ਅਤੇ ਪੁਲਾਂ ਤੱਕ ਨੂੰ ਨੁਕਸਾਨ ਹੋ ਰਿਹਾ ਹੈ, ਜੋ ਰਾਸ਼ਟਰ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਉੁਨ੍ਹਾਂ ਸਰਹੱਦੀ ਲੋਕਾਂ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਸਰੱਹਦੀ ਲੋਕ ਤਸਕਰੀ ਤੇ ਮਾਈਨਿੰਗ ਵਰਗੇ ਖਤਰਿਆਂ ਤੋਂ ਸੁਚੇਤ ਹੋ ਜਾਣ ਤਾਂ ਇਹ ਕੁਰੀਤੀਆਂ ਨੂੰ ਜਲਦੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਸਰਹੱਦੀ ਖੇਤਰ ਦੇ 6 ਜ਼ਿਲ੍ਹਿਆਂ ਵਿੱਚ ਨਾਗਰਿਕ ਸੁਰੱਖਿਆ ਕਮੇਟੀਆਂ ਬਣਾਉਣ ਜੋ ਕਿ ਆਪਣੇ-ਆਪਣੇ ਇਲਾਕੇ ਵਿੱਚ ਸਮਾਜਿਕ ਮੁੱਦਿਆਂ ’ਤੇ ਕੰਮ ਕਰਨ। ਸਰਹੱਦੀ ਖੇਤਰ ਵਿਚੋਂ ਬੇਰੁਜ਼ਗਾਰੀ ਖ਼ਤਮ ਕਰਨ ਲਈ ਉਨ੍ਹਾਂ ਨੇ ਨੌਜਵਾਨਾਂ ਨੂੰ ਫੌਜ ਦੀ ਅਗਨੀਪਥ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਰਾਜਪਾਲ ਨੇ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਦੁਸ਼ਮਣ ਦੇਸ਼ ਦੀ ਚਾਲ ਹੈ ਜੋ ਕਿ ਸਿੱਧੇ ਤੌਰ ’ਤੇ ਸਾਡੇ ਨਾਲ ਨਹੀਂ ਲੜ ਸਕਦਾ, ਪਰ ਅਜਿਹੀਆਂ ਸਾਜ਼ਿਸ਼ਾਂ ਨਾਲ ਦੇਸ਼ ਨੂੰ ਕਮਜ਼ੋਰ ਕਰਨ ਦੀ ਨੀਅਤ ਰੱਖਦਾ ਹੈ। ਉਨ੍ਹਾਂ ਤਸਕਰੀ ਦੇ ਖਾਤਮੇ ਲਈ ਪੰਚਾਂ-ਸਰਪੰਚਾਂ ਦੇ ਨਾਲ-ਨਾਲ ਮੀਡੀਆ ਤੋਂ ਵੀ ਸਹਿਯੋਗ ਮੰਗਿਆ। ਰਾਜਪਾਲ ਨੇ ਦੱਸਿਆ ਕਿ ਉਹ ਇਕ ਸਾਲ ਵਿੱਚ ਤੀਜੀ ਵਾਰ ਇਸ ਮਿਸ਼ਨ ’ਤੇ ਆਏ ਹਨ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਤਸਕਰਾਂ ਅਤੇ ਪੁਲੀਸ ਦੀ ਕਥਿਤ ਮਿਲੀਭੁਗਤ ਹੈ ਤੇ ਇਸ ਗੱਠਜੋੜ ਨੂੰ ਵੀ ਤੋੜਨ ਦੀ ਲੋੜ ਹੈ। ਰਾਜਪਾਲ ਨੇ ਇਸ ਤੋਂ ਬਾਅਦ ਪੁਲੀਸ, ਬੀਐੱਸਐੱਫ, ਫੌਜ, ਰਾਅ, ਇੰਟੈਲੀਜੈਂਸ, ਪ੍ਰਸ਼ਾਸਨ ਅਤੇ ਸਰਹੱਦੀ ਖੇਤਰ ਵਿੱਚ ਦੇਸ਼ ਦੀ ਸੁਰੱਖਿਆ ਲਈ ਕੰਮ ਕਰਦੀਆਂ ਏਜੰਸੀਆਂ ਦੇ ਮੁਖੀਆਂ ਨਾਲ ਵੀ ਗੱਲਬਾਤ
ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਭਰੋਸਾ ਦਿੱਤਾ ਕਿ ਪੁਲੀਸ ਨਸ਼ੇ ਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਕੰਮ ਸ਼ੁਰੂ ਕਰ ਚੁੱਕੀ ਹੈ ਅਤੇ ਛੇਤੀ ਹੀ ਇਸ ਦੇ ਨਤੀਜੇ ਲੋਕਾਂ ਸਾਹਮਣੇ ਆਉਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਐੱਨਆਈਏ ਵੱਲੋਂ ਗੈਂਗਸਟਰਾਂ ਦੇ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ’ਚ ਪੰਜਾਬ ਪੁਲੀਸ ਦਾ ਬਰਾਬਰ ਸਹਿਯੋਗ ਰਿਹਾ ਹੈ, ਜੋ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਬੜਾ ਜ਼ਰੂਰੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ, ਲਾਲਜੀਤ ਸਿੰਘ ਭੁੱਲਰ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਪ੍ਰਿੰਸੀਪਲ ਸੈਕਟਰੀ ਜੇਐਮ ਬਾਲਾਮੁਰੂਗਨ, ਪ੍ਰਿੰਸੀਪਲ ਸੈਕਟਰੀ ਰਮੇਸ਼ ਕੁਮਾਰ ਗੇਂਟਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ, ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।