ਪਟਿਆਲਾ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਛੇਤੀ ਹੀ ‘ਰੈਗੂਲਰ’ ਜਥੇਦਾਰ ਬਣਾਇਆ ਜਾ ਰਿਹਾ ਹੈ। ਸਮਝਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਗਾਮੀ ਅੰਤ੍ਰਿੰਗ ਕਮੇਟੀ ਦੀ ਸੱਦੀ ਜਾਣ ਵਾਲੀ ਬੈਠਕ ’ਚ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਵਜੋਂ ਪਦਉੱਨਤੀ ਦੇ ਮਾਮਲੇ ’ਤੇ ਮੋਹਰ ਲੱਗ ਸਕਦੀ ਹੈ। ਇਸ ਮਾਮਲੇ ’ਤੇ ਉੱਠੇ ਸਵਾਲ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜੋ ਇੱਥੇ ਅੱਜ ਖਾਲਸਾ ਕਾਲਜ ਵੱਲੋਂ ਕਰਵਾਈ ਗਈ ਗਲੋਬਲ ਪੰਜਾਬੀ ਕਾਨਫਰੰਸ ’ਚ ਪੁੱਜੇ ਹੋਏ ਸਨ, ਨੇ ਇੰਕਸਾਫ਼ ਕੀਤਾ ਕਿ ਅਗਲੀ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਨਿਯੁਕਤੀ ਦੇ ਮਾਮਲੇ ’ਤੇ ਵਿਚਾਰ ਕਰਕੇ ਫੈਸਲਾ ਲੈ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫਾ ਦੇਣ ਮਗਰੋਂ ਕਾਰਜਕਾਰੀ ਜਥੇਦਾਰ ਵਜੋਂ ਅਕਾਲ ਤਖਤ ਸਾਹਿਬ ਦੀਆਂ ਵਾਧੂ ਸੇਵਾਵਾਂ ਸੌਂਪੀਆਂ ਗਈਆਂ ਸਨ। ਇਸ ਵੇਲੇ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਵੀ ਬਤੌਰ ਰੈਗੂਲਰ ਜਥੇਦਾਰ ਵਜੋਂ ਕਾਰਜਸ਼ੀਲ ਹਨ। ਸ਼੍ਰੋਮਣੀ ਕਮੇਟੀ ਦੇ ਇੱਕ ਵਿਧਾਨ ਹੇਠ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਪਹਿਲਾਂ ਬਕਾਇਦਾ ਵੱਖ ਵੱਖ ਪੰਥਕ ਸੰਸਥਾਵਾਂ ਨਾਲ ਵਿਚਾਰ ਚਰਚਾ ਕਰਨੀ ਹੁੰਦੀ ਹੈ। ਮਗਰੋਂ ਸਿੱਖ ਸੰਸਥਾਵਾਂ ਦੀ ਰਾਏ ਦੇ ਮੁਤੱਲਕ ਜਥੇਦਾਰ ਬਾਰੇ ਮਾਮਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਵਿਚਾਰ-ਚਰਚਾ ਲਈ ਲਿਆ ਕੇ ਹੀ ਇਸ ਨਿਯੁਕਤੀ ’ਤੇ ਕੋਈ ਅੰਤਿਮ ਫ਼ੈਸਲਾ ਲਿਆ ਜਾਂਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਜਲਦੀ ਹੀ ਜਥੇਦਾਰ ਥਾਪਿਆ ਜਾ ਰਿਹਾ ਹੈ। ਇਸ ਸਬੰਧੀ ਫ਼ੈਸਲਾ ਅਗਲੀ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਲਿਆ ਜਾਵੇਗਾ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਦਵਾਨ ਤੇ ਅਤਿ ਸੂਝਵਾਨ ਦੱਸਿਆ। ਸ਼੍ਰੋਮਣੀ ਕਮੇਟੀ ਸੂਤਰਾਂ ਮੁਤਾਬਿਕ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਣ ਦੇ ਯੋਗ ਹਨ, ਲਿਹਾਜ਼ਾ ਇਸ ਮਹੀਨੇ ਦੇ ਅਖੀਰ ਜਾਂ ਅਗਲੇ ਮਹੀਨੇ ਦੇ ਆਰੰਭ ’ਚ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਬੈਠਕ ‘ਚ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਦੇ ਫੈਸਲੇ ‘ਤੇ ਮੋਹਰ ਲੱਗ ਜਾਏਗੀ।
ਕਰੋਨਾਵਾਇਰਸ ਬਾਰੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਸਕਦੇ ਨੇ ਜਥੇਦਾਰ
ਕਰੋਨਾਵਾਇਰਸ ਫੈਲਣ ਦੇ ਡਰੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਤੇ ਪੁਲੀਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਅੱਜ ਰਾਤ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੋਈ ਇਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ ਹੈ। ਉਨ੍ਹਾਂ ਇਸ ਮੀਟਿੰਗ ਨੂੰ ਗ਼ੈਰਰਸਮੀ ਦੱਸਿਆ, ਪਰ ਜਥੇਦਾਰ ਨੇ ਇਸ ਮੀਟਿੰਗ ਮਗਰੋਂ ਆਖਿਆ ਕਿ ਸੰਗਤ ਨੂੰ ਕਰੋਨਾਵਾਇਰਸ ਤੋਂ ਬਚਾਅ ਲਈ ਚੌਕਸ ਰਹਿਣਾ ਚਾਹੀਦਾ ਹੈ ਤੇ ਇਹਤਿਆਤ ਰੱਖਣੀ ਚਾਹੀਦੀ ਹੈ। ਉਹ ਭਲਕੇ ਇਸ ਸਬੰਧੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਸਕਦੇ ਹਨ।