ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਪੀਜੀਆਈ ਚੰਡੀਗੜ੍ਹ ’ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ’ਚ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਦੱਸਿਆ ਜਾਂਦਾ ਹੈ। ਵੱਡੇ ਭਰਾ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੀ ਛੇਤੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ। ਪਰਿਵਾਰਕ ਸੂਤਰਾਂ ਅਨੁਸਾਰ 87 ਸਾਲਾ ਗੁਰਦਾਸ ਸਿੰਘ ਬਾਦਲ ‘ਦਾਸ ਜੀ’ ਨੂੰ ਪਿੰਡ ਬਾਦਲ ਰਿਹਾਹਿਸ਼ ’ਤੇ ਅੱਜ ਤੜਕੇ ਕਰੀਬ ਚਾਰ ਵਜੇ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟਸ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਮੁੱਢਲੇ ਇਲਾਜ ਮਗਰੋਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ। ਉਹ ਸੱਤਵੀਂ ਲੋਕ ਸਭਾ ’ਚ ਫਾਜ਼ਿਲਕਾ ਹਲਕੇ ਤੋਂ ਅਕਾਲੀ ਦਲ ਵੱਲੋਂ ਸੰਸਦ ਮੈਂਬਰ ਚੁਣੇ ਗਏ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਭਲਕੇ ਪੀਜੀਆਈ ਵਿੱਚ ਆਪਣੇ ਛੋਟੇ ਭਰਾ ਗੁਰਦਾਸ ਬਾਦਲ ਦੀ ਖ਼ਬਰਸਾਰ ਲੈਣ ਲਈ ਜਾਣਗੇ