ਗੁਰਦੁਆਰਾ ਰਕਾਬਗੰਜ ਸਾਹਿਬ ’ਚ ਅੱਜ ਤੋਂ ਕਰੋਨਾ ਕੇਅਰ ਸੈਂਟਰ ਸ਼ੁਰੂ

ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਸਥਾਪਿਤ ਕੀਤੇ ਗੁਰੂ ਤੇਗ ਬਹਾਦਰ ਕਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਤੋਂ ਪਹਿਲਾਂ ਪਰਖ (ਡ੍ਰਾਈ ਰਨ) ਕੀਤੀ ਗਈ ਤੇ ਐਲਾਨ ਕੀਤਾ ਕਿ 400 ਬੈੱਡਾਂ ਵਾਲਾ ਇਹ ਸੈਂਟਰ ਭਲਕੇ 10 ਮਈ ਤੋਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਵੇਗਾ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 300 ਬੈੱਡ ਭਲਕ ਤੋਂ ਮੁਹੱਈਆ ਹੋਣਗੇ ਜਦਕਿ 100 ਬੈੱਡ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਇਸ ਸੈਂਟਰ ਨੂੰ ਦੋ ਕਰੋੜ ਰੁਪਏ ਦੀ ਮਦਦ ਦੇਣ ਲਈ ਫਿਲਮ ਅਦਾਕਾਰ ਅਮਿਤਾਭ ਬੱਚਨ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਵਿਕਰਮ ਸਿੰਘ ਸਾਹਨੀ ਨੇ 200 ਆਕਸੀਜਨ ਕੰਸਨਟ੍ਰੇਟਰ ਦਿੱਤੇ ਹਨ ਤੇ ਹੋਰ ਗਈ ਕਈ ਲੋਕਾਂ ਨੇ ਸੇਵਾਵਾਂ ਦੀ ਜ਼ਿੰਮੇਵਾਰੀ ਲਈ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਇਹ ਕੇਂਦਰ 250 ਬੈੱਡਾਂ ਦਾ ਬਣਾਉਣ ਦਾ ਵਿਚਾਰ ਕੀਤਾ ਸੀ ਪਰ ਦਿੱਲੀ ਸਰਕਾਰ ਨੇ ਇਸ ਨੂੰ ਵਧਾ ਕੇ 400 ਬੈੱਡਾਂ ਦਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਥੇ ਮਰੀਜ਼ਾਂ ਨੂੰ ਆਕਸੀਜਨ ਤੋਂ ਇਲਾਵਾ ਦਵਾਈਆਂ ਤੇ ਖਾਣਾ ਮੁਫ਼ਤ ਮਿਲੇਗਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਇੱਥੇ ਡਾਕਟਰ, ਨਰਸਾਂ ਤੇ ਹੋਰ ਸਟਾਫ ਤਾਇਨਾਤ ਕੀਤਾ ਹੈ ਤੇ ਇਸ ਸੈਂਟਰ ਨੂੰ ਐੱਲਐੱਨਜੇਪੀ ਹਸਪਤਾਲ ਨਾਲ ਜੋੜਿਆ ਹੈ ਤਾਂ ਜੋ ਲੋੜ ਪੈਣ ’ਤੇ ਮਰੀਜ਼ ਨੂੰ ਆਈਸੀਯੂ ਦੀ ਸਹੂਲਤ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਨੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੇ ਰਹਿਣ ਲਈ ਪ੍ਰਬੰਧ ਕੀਤੇ ਹਨ ਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਦਿੱਲੀ ਸਰਕਾਰ ਨੇ ਸਥਾਨਕ ਡੀਐੱਮ ਨੂੰ ਇਸ ਸੈਂਟਰ ਦਾ ਨੋਡਲ ਅਫਸਰ ਬਣਾਇਆ ਹੈ ਜਦਕਿ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੋਡਲ ਅਫਸਰ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਟਰ 10 ਦਿਨਾਂ ’ਚ ਤਿਆਰ ਕੀਤਾ ਗਿਆ ਹੈ ਅਤੇ ਦਿੱਲੀ ਕਮੇਟੀ ਇਹ ਸੈਂਟਰ ਸ਼ੁਰੂ ਕਰਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਤੇ ਹੋਰ ਥਾਵਾਂ ’ਤੇ ਵੀ ਅਜਿਹੀਆਂ ਸਹੂਲਤਾਂ ਸ਼ੁਰੂ ਕਰੇਗੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵੀਂ ‘ਸਿਟ’ ਨੂੰ ਜਾਂਚ ਲਈ ਦਿੱਤਾ ਸਮਾਂ ਘਟਾਇਆ ਜਾਵੇ: ਬਾਜਵਾ
Next articleਹਿਮੰਤ ਬਿਸਵਾ ਸਰਮਾ ਹੋਣਗੇ ਅਸਾਮ ਦੇ ਮੁੱਖ ਮੰਤਰੀ