ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਸਿੱਖ ਬੱਚਿਆਂ ਦੀ ਹਾਕੀ ਅਕੈਡਮੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦਾ ਅੱਜ ਇਥੇ ਰਸਮੀ ਉਦਘਾਟਨ ਕੀਤਾ ਗਿਆ। ਇਸ ਸਬੰਧੀ ਰਣਜੀਤ ਐਵੀਨਿਊ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਮੂਲ-ਮੰਤਰ ਦੇ ਪਾਠ ਨਾਲ ਕੀਤੀ ਗਈ ਅਤੇ ਮਗਰੋਂ ਹਾਕੀ ਅਕੈਡਮੀ ਦਾ ਉਦਘਾਟਨ ਕੀਤਾ ਗਿਆ। ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਹਾਕੀ ਅਕੈਡਮੀ ਵਿੱਚ ਸਾਬਤ-ਸੂਰਤ ਸਿੱਖ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਮਾਹਿਰ ਕੋਚਾਂ ਦੀ ਨਿਗਰਾਨੀ ਹੇਠ ਹਾਕੀ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਦਾ ਮੁੱਖ ਮੰਤਵ ਕੌਮੀ ਪੱਧਰ ’ਤੇ ਸਿੱਖ ਖਿਡਾਰੀਆਂ ਨੂੰ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਮਿਲੇਗੀ ਅਤੇ ਪਤਿਤਪੁਣੇ ਨੂੰ ਠੱਲ੍ਹ ਪਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਐਲਾਨ ਕੀਤਾ ਕਿ ਚੀਫ਼ ਖ਼ਾਲਸਾ ਦੀਵਾਨ ਵਲੋਂ ਹਰ ਵਰ੍ਹੇ ‘ਚੀਫ਼ ਖ਼ਾਲਸਾ ਦੀਵਾਨ ਹਾਕੀ ਗੋਲਡ ਕੱਪ ਟੂਰਨਾਮੈਂਟ’ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਵਿਚ ਹਾਕੀ ਖੇਡ ਨੂੰ ਲਾਜ਼ਮੀ ਕੀਤਾ ਜਾਵੇਗਾ ਅਤੇ ਜਲਦੀ ਹੀ ਐਸਟ੍ਰੋਟਰਫ ਮੈਦਾਨ ਵੀ ਤਿਆਰ ਕੀਤਾ ਜਾਵੇਗਾ। ਮੁੱਖ ਮਹਿਮਾਨ ਤਰਲੋਚਨ ਸਿੰਘ ਨੇ ਇਸ ਯੋਜਨਾ ਲਈ ਵਧਾਈ ਦਿੱਤੀ। ਇਸ ਮੌਕੇ ਨਵੇਂ ਹਾਕੀ ਮੈਦਾਨ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਅਤੇ ਅਬਦਾਲ ਦੀਆਂ ਟੀਮਾਂ ਵਿਚਾਲੇ ਮੈਚ ਵੀ ਖੇਡਿਆ ਗਿਆ। ਦਸਵੀਂ ਤੇ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਗਿਆ।
Sports ਗੁਰਸਿੱਖ ਨੌਜਵਾਨਾਂ ਲਈ ਹਾਕੀ ਅਕੈਡਮੀ ਦੀ ਸ਼ੁਰੂਆਤ