ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਸੂਬਾ ਪੱਧਰੀ ਜੈਅੰਤੀ ਮੌਕੇ ਲੋਕਾਂ ਨੂੰ ਸੰਵਿਧਾਨ ਦੀ ਰਾਖੀ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸੂਬੇ ਦੇ ਸਮਾਜਿਕ ਨਿਆਂ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 643 ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੋਂ ਭਾਰਤ ਦੇ ਸੰਵਿਧਾਨ ਨੂੰ ਖਤਰਾ ਪੈਦਾ ਹੋ ਗਿਆ ਹੈ।ਇਸ ਲਈ ਸੰਵਿਧਾਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਨੇ ਸੰਵਿਧਾਨ ਦੇ ਨਿਰਮਾਣ ਲਈ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਹੀ ਸੇਧ ਲਈ ਸੀ।
ਸ੍ਰੀ ਗੁਰੂ ਰਵਿਦਾਸ ਭਵਨ ਵਿੱਚ ਸਮਾਗਮ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਹੜਾ ਸੰਵਿਧਾਨ ਦੇਸ਼ ਦੇ ਲੋਕਾਂ ਤੇ ਖ਼ਾਸ ਕਰਕੇ ਦਲਿਤਾਂ ਦੇ ਹੱਕਾਂ ਦੀ ਰਾਖੀ ਦਾ ਜ਼ਾਮਨ ਹੈ, ਉਸ ਦੀ ਮੂਲ ਭਾਵਨਾ ਨੂੰ ਹੀ ਸੱਟ ਮਾਰੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਨੇ ਦੇਸ਼ ਦੇ ਧਰਮ ਨਿਰਪੱਖਤਾ ਵਾਲੇ ਅਕਸ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਰਧਾਲੂਆਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸੰਵਿਧਾਨ ਦੀ ਰੱਖਿਆ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਹੱਕਾਂ ਦੀ ਰਾਖੀ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕੀਮ ਲਈ 600 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਇਹ ਬਕਾਇਆ ਸਾਲ 2014-17 ਦਾ ਸੀ। ਪੰਜਾਬ ਸਰਕਾਰ ਵਲੋਂ ਇਸ ਨੂੰ ਕਾਲਜਾਂ ਨੂੰ ਵੰਡ ਕੇ ਇਸ ਦਾ ਵਰਤੋਂ ਸਰਟੀਫਿਕੇਟ ਕੇਂਦਰ ਨੂੰ ਭੇਜ ਦਿੱਤਾ ਹੈ।ਸ੍ਰੀ ਧਰਮਸੋਤ ਨੇ ਆਪਣੇ ਅਖਤਿਆਰੀ ਫੰਡ ਵਿਚੋਂ ਭਵਨ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚੋਂ ਵਿਦੇਸ਼ਾਂ ਨੂੰ ਤੇਜ਼ੀ ਨਾਲ ਜਾ ਰਹੇ ਨੌਜਵਾਨਾਂ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਬਣ ਗਈ ਹੈ। ਸਮਾਗਮ ਨੂੰ ਵਿਧਾਇਕ ਸ਼ੁਸ਼ੀਲ ਰਿੰਕੂ,ਚੌਧਰੀ ਸੁਰਿੰਦਰ ਸਿੰਘ ਤੇ ਰਾਜਿੰਦਰ ਬੇਰੀ ਤੇ ਹੋਰ ਕਾਂਗਰਸੀ ਆਗੂਆਂ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ, ਸ਼ਾਲ ਅਤੇ ਸਿਰੋਪਾਓ ਭੇਟ ਕੀਤਾ ਗਿਆ।
INDIA ਗੁਰੂ ਰਵਿਦਾਸ ਜੈਅੰਤੀ ਮੌਕੇ ਸੰਵਿਧਾਨ ਦੀ ਰਾਖੀ ਦਾ ਸੱਦਾ