ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਮਾਨਸਾ- ਅੱਜ ਇਥੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਮੰਗਾਂ-ਮਸਲਿਆਂ ਨੂੰ ਲੈਕੇ ਲਗਾਤਾਰ ਦੂਜੇ ਦਿਨ ਸਰਕਾਰੀ ਪ੍ਰਬੰਧ ਦੀ ਮੁਰਦਾਬਾਦ ਕਰਦਿਆਂ ਸੰਘਰਸ਼ ਨੂੰ ਅਣਮਿਥੇ ਸਮੇਂ ਦਾ ਕਰਨ ਸਬੰਧੀ ਐਲਾਨ ਕੀਤਾ ਗਿਆ।
ਧਰਨਾਕਾਰੀਆਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰੀ ਕਾਲਜਾਂ ‘ਚ ਕੰਮ ਕਰਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਬਿਨ੍ਹਾਂ ਸ਼ਰਤ ਰੈਗੂਲਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਆਉਣ ‘ਤੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇਗਾ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਾਵਿੰਦਰ ਸਿੰਘ, ਪ੍ਰੋ. ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਤੇ ਬੱਚਿਆਂ ਦਾ ਭਵਿੱਖ ਹਨੇਰੇ ‘ਚ ਹੈ। ਉਨ੍ਹਾਂ ਮੰਗ ਕੀਤੀ ਕਿ ਕਾਲਜਾਂ ’ਚ ਇੱਕ ਹਜ਼ਾਰ ਦੇ ਕਰੀਬ ਕੰਮ ਕਰਦੇ ਗੈਸਟ ਫੈਕਲਟੀ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਐਲਾਨ ਕੀਤਾ ਕਿ ਉਹ ਜਿਲ੍ਹੇ ਦੇ ਸਾਰੇ ਕਾਲਜਾਂ ’ਤੇ ਸਕੂਲਾਂ ‘ਚ ਚੱਲ ਰਹੀਆਂ ਆਪਣੀ ਜਥੇਬੰਦੀ ਦੀਆਂ ਇਕਾਈਆਂ ਨਾਲ ਤਾਲਮੇਲ ਕਰਕੇ ਸੰਘਰਸ਼ ਨੂੰ ਲੜਨਗੇ। ਵਿਦਿਆਰਥੀਆਂ ਨੇ ਵੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।

Previous articleਬਖ਼ਤਗੜ੍ਹ ਦੇ ਦੋਵੇਂ ਛੱਪੜ ਹੋਏ ਓਵਰਫ਼ਲੋਅ
Next articleਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ