ਲੁਧਿਆਣਾ– ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਅੱਜ ਲੁਧਿਆਣਾ ਦੇ ਵੱਖ ਵੱਖ ਸਰਕਾਰੀ ਕਾਲਜਾਂ ਵਿੱਚ ਪੜ੍ਹਾਉਂਦੇ ਫੈਕਲਟੀ ਲੈਕਚਰਾਰਾਂ ਨੇ ਸਰਕਾਰ ਵਿਰੁੱਧ ਰੋਸ ਧਰਨੇ ਲਾਏ। ਲੜਕਿਆਂ ਦੇ ਸਰਕਾਰੀ ਕਾਲਜ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਅਧਿਆਪਕ ਆਗੂਆਂ ਨੇ ਪਿਛਲੇ ਕਈ-ਕਈ ਸਾਲਾਂ ਤੋਂ ਪੜ੍ਹਾਉਂਦੇ ਆ ਰਹੇ ਫੈਕਲਟੀ ਅਧਿਆਪਕਾਂ ਨੂੰ ਅਣਗੌਲਿਆਂ ਕਰ ਕੇ ਅਧਿਆਪਕਾਂ ਦੀ ਨਵੀਂ ਭਰਤੀ ਕਰਨ ਦੀਆਂ ਬਣਾਈਆਂ ਜਾ ਰਹੀਆਂ ਤਜਵੀਜ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਨ੍ਹਾਂ ਆਗੂਆਂ ਨੇ ਪੁਰਾਣੇ ਅਧਿਆਪਕਾਂ ਨੂੰ ਹੀ ਬਿਨਾਂ ਸ਼ਰਤ ਪੱਕੇ ਕਰਨ ਦੀ ਮੰਗ ਕੀਤੀ।
ਸਥਾਨਕ ਲੜਕਿਆਂ ਦੇ ਸਰਕਾਰੀ ਕਾਲਜ ਵਿੱਚ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਲਾਇਆ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਬੱਚਿਆਂ ਦੀ ਪੜ੍ਹਾਈ ਖ਼ਰਾਬ ਕਰਨਾ ਨਹੀਂ ਹੈ। ਇਸ ਲਈ ਉਹ ਅੱਜ ਛੁੱਟੀ ਲੈ ਕੇ ਆਪਣੇ ਪੈਸੇ ਕਟਵਾ ਕਿ ਧਰਨੇ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 48 ਸਰਕਾਰੀ ਕਾਲਜਾਂ ਵਿੱਚ 1000 ਦੇ ਕਰੀਬ ਅਜਿਹੇ ਲੈਕਚਰਾਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਅਫ਼ਸੋਸ ਇਨ੍ਹਾਂ ਨੂੰ ਨਾਮਾਤਰ 5, 7 ਅਤੇ 10 ਹਜ਼ਾਰ ਰੁਪਏ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਭਰਤੀ ਮੌਕੇ ਉਹ ਲੋੜੀਂਦੀਆਂ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਸਨ ਪਰ ਹੁਣ ਸਰਕਾਰ ਵੱਲੋਂ ਨਵੀਂ ਭਰਤੀ ਕਰਨ ਦੇ ਨਾਂ ’ਤੇ ਨਵੀਆਂ ਨਵੀਆਂ ਯੋਗਤਾਵਾਂ ਵਾਲੀਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ, ਜੋ ਇਨਾਂ ਅਧਿਆਪਕਾਂ ਨਾਲ ਬੇਇਨਸਾਫ਼ੀ ਦੇ ਬਰਾਬਰ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇ ਉਹ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ ਤਾਂ ਉਨ੍ਹਾਂ ਨੂੰ ਇੰਨੇ ਸਾਲਾਂ ਤੋਂ ਪੜ੍ਹਾਉਣ ਲਈ ਕਿਉਂ ਰੱਖਿਆ ਗਿਆ ਸੀ। ਇੰਨੇ ਸਾਲ ਸੇਵਾਵਾਂ ਦੇਣ ਤੋਂ ਬਾਅਦ ਹੁਣ ਬਹੁਤੇ ਅਧਿਆਪਕ ਤਾਂ ਆਪਣੀ ਨੌਕਰੀ ਦੀ ਉਮਰ ਵੀ ਪੁਗਾ ਚੁੱਕੇ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇ ਜਥੇਬੰਦੀ ਦੀ ਤੁਰੰਤ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਨਹੀਂ ਕਰਵਾਈ ਜਾਂਦੀ ਅਤੇ ਲਗਾਈਆਂ ਸ਼ਰਤਾਂ ਵਾਪਸ ਨਹੀਂ ਕੀਤੀਆਂ ਜਾਂਦੀਆਂ, ਤਾਂ ਸਮੂਹ ਗੈਸਟ ਫੈਕਲਟੀ ਲੈਕਚਰਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਾਲ ਲੈ ਕਿ ਸੜਕਾਂ ’ਤੇ ਆਉਣ ਲਈ ਮਜਬੂਰ ਹੋ ਜਾਣਗੇ।
INDIA ਗੈਸਟ ਫੈਕਲਟੀ ਲੈਕਚਰਾਰਾਂ ਵੱਲੋਂ ਸਰਕਾਰ ਖ਼ਿਲਾਫ਼ ਧਰਨੇ