ਰੂਪਨਗਰ- ਸਰਕਾਰੀ ਕਾਲਜ ਰੂਪਨਗਰ ਵਿਖੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤੀਸਰੇ ਅਣਮਿੱਥੇ ਸਮੇਂ ਲਈ ਮੁਕੰਮਲ ਤੌਰ ’ਤੇ ਹੜਤਾਲ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੱਕਾ ਕਰਨ ਅਤੇ ਹੋਰ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਪੱਕਾ ਕਰਨ ਦੀ ਮੰਗ ਨੂੰ ਸਰਕਾਰ ਵੱਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਆਪਣਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਮ ਕੀਤਾ ਜਾਂਦਾ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਅਨੁਸਾਰ ਕੀਤੇ ਵਾਅਦੇ ਪੂਰੇ ਨਹੀਂ ਕਰ ਸਕਦੀ ਤਾਂ ਫਿਰ ਚੋਣ ਮਨੋਰਥ ਪੱਤਰ ਕਿਉਂ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨੌਜਵਾਨਾਂ ਨੂੰ ਨੌਕਰੀਆਂ ਨਾ ਮਿਲਣ ਕਰਕੇ ਆਇਲੈਟਸ ਸੈਂਟਰਾਂ ਤੋਂ ਪੜ੍ਹਾਈ ਕਰਕੇ ਵਿਦੇਸ਼ਾਂ ਵਿੱਚ ਜਾ ਰਹੇ ਹਨ ਅਤੇ ਸਰਕਾਰ ਤੋਂ ਨੌਜਵਾਨਾਂ ਦਾ ਮੋਹ ਭੰਗ ਹੋ ਗਿਆ ਹੈ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਪਣੀਆਂ ਨੀਤੀਆਂ ਨਹੀਂ ਬਦਲੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉੁਨ੍ਹਾਂ ਕਿਹਾ ਕਿ ਅਸੀਂ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਾਂਗੇ। ਇਸ ਮੌਕੇ ਪ੍ਰੋ. ਡਿੰਪਲ, ਪ੍ਰੋ. ਰਣਦੀਪ ਸਿੰਘ, ਪ੍ਰੋ. ਚੰਦਰ ਗੁਪਤ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਇਸ ਮੌਕੇ ਹੜਤਾਲ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਟੂਡੈਂਟ ਯੂਨੀਅਨ ਅਤੇ ਸਟੂਡੈਂਟ ਫੈਡਰੇਸ਼ਨ ਆਫ ਇੰਡੀਆ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
INDIA ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਪੁਤਲਾ ਫੂਕ ਮੁਜ਼ਾਹਰਾ