ਗੈਸਟ-ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਅੰਮ੍ਰਿਤਸਰ- ਸਰਕਾਰੀ ਕਾਲਜ ਗੈਸਟ-ਫੈਕਲਟੀ ਸਹਾਇਕ ਪ੍ਰੋਫੈਸਰਜ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਤਹਿਤ ਅੱਜ ਸਰਕਾਰੀ ਸਰੂਪ ਰਾਣੀ ਕਾਲਜ ਇਸਤਰੀਆਂ ਦੇ ਅਧਿਆਪਕਾਂ ਨੇ ਕਲਾਸਾਂ ਦਾ ਬਾਈਕਾਟ ਕਰਕੇ ਰੋਸ ਧਰਨਾ ਦਿੱਤਾ ਅਤੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਮਾਝਾ ਜ਼ੋਨ ਦੇ ਪ੍ਰਧਾਨ ਪ੍ਰੋ. ਜੋਗਾ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ 1011 ਪ੍ਰੋਫੈਸਰਾਂ ਦੀ ਨੌਕਰੀ ਨੂੰ ਬਿਨਾਂ ਸ਼ਰਤ ਸਰਕਾਰ ਸੁਰੱਖਿਅਤ ਕਰੇ। ਉਨ੍ਹਾਂ ਕਿਹਾ ਕਿ ਉੁਹ ਉਸ ਸਮੇਂ ਤੋਂ ਸਰਕਾਰੀ ਕਾਲਜਾਂ ’ਚ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਉਂਦੇ ਆਏ ਹਨ, ਜਦੋਂ ਕੋਈ ਇੰਨੀਆਂ ਘਟ ਤਨਖਾਹਾਂ ’ਤੇ ਸਰਕਾਰੀ ਕਾਲਜਾਂ ਵੱਲ ਮੂੰਹ ਵੀ ਨਹੀਂ ਕਰਦਾ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਕਾਲਜਾਂ ’ਚ ਨੌਕਰੀ ’ਤੇ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਰੱਖਿਆ ਗਿਆ ਸੀ ਅਤੇ ਅੱਜ ਜਦੋਂ ਉਨ੍ਹਾਂ ਨੂੰ ਲਾਭ ਦੇਣ ਦਾ ਸਮਾਂ ਆਇਆ ਤਾਂ ਸਰਕਾਰ ਦੇ ਅਧਿਕਾਰੀਆਂ ਵਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਉਨ੍ਹਾਂ ਨੂੰ ਅਯੋਗ ਮੰਨਿਆ ਜਾ ਰਿਹਾ ਹੈ।

Previous articleਦੋਧੀ ’ਤੇ ਜਾਨਲੇਵਾ ਹਮਲਾ; ਪੱਟ ਵਿੱਚ ਲੱਗੀ ਗੋਲੀ
Next articleਹੋਲੀ ਵਾਲੇ ਦਿਨ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ