ਪੰਜਾਬ ਵਿੱਚ ਕਰੋਨਾਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਬੀਤੇ ਦਿਨ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਸੀ ਜਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਿੰਡ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਸੀ। ਹੁਣ ਹਰਭਜਨ ਸਿੰਘ ਦੇ ਲੜਕੇ ਗੁਰਪ੍ਰੀਤ ਸਿੰਘ (30) ਦਾ ਕਰੋਨਾਵਾਇਰਸ ਦਾ ਟੈਸਟ ਪਾਜ਼ੇਟਿਵ ਆਉਣ ਨਾਲ ਪਿੰਡ ਦੇ ਲੋਕ ਡਰੇ ਹੋਏ ਹਨ ਜਦਕਿ ਇਨ੍ਹਾਂ ਦੋਵਾਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਆਸ-ਪਾਸ ਦੇ ਪਿੰਡਾਂ ਵਿੱਚ ਲੋਕਾਂ ਤੋਂ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਜਿਸ ਅਧਾਰ ’ਤੇ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਅੱਜ ਗੜ੍ਹਸ਼ੰਕਰ ਸਬ-ਡਵੀਜਨ ਦੇ ਚਾਰ ਹੋਰ ਪਿੰਡਾਂ ਬਸਿਆਲਾ, ਪੋਸੀ, ਐਮਾਂ ਜੱਟਾਂ ਅਤੇ ਬਿੰਜੋ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇਨ੍ਹਾਂ ਪਿੰਡਾਂ ਨੂੰ ਆਉਣ ਜਾਣ ਵਾਲੇ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ। ਪੁਲੀਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਇਨ੍ਹਾਂ ਪਿੰਡਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ।