ਗੱਲਬਾਤ ਦੀ ਅਗਲੀ ਤਰੀਕ ਤੈਅ ਕਰਨ ਲਈ ਕਿਸਾਨਾਂ ਦੇ ਸੰਪਰਕ ’ਚ: ਤੋਮਰ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਗੱਲਬਾਤ ਦੀ ਅਗਲੀ ਤਰੀਕ ਤੈਅ ਕਰਨ ਲਈ ਸਰਕਾਰ ਉਨ੍ਹਾਂ ਦੇ ਸੰਪਰਕ ’ਚ ਹੈ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕਿਸਾਨ ਆਗੂਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸ੍ਰੀ ਤੋਮਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕਿਸਾਨਾਂ ਨਾਲ ਪੈਦਾ ਹੋਏ ਜਮੂਦ ਨੂੰ ਤੋੜਨ ਦੇ ਰਾਹ ਵਿਚਾਰੇ।

ਬਾਅਦ ’ਚ ਖੇਤੀ ਮੰਤਰੀ ਨੇ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਖੇਤੀ ਕਾਨੂੰਨਾਂ ਨੂੰ ਹਮਾਇਤ ਦਿੱਤੀ ਹੈ। ਪਿਛਲੇ ਦੋ ਹਫ਼ਤਿਆਂ ’ਚ ਇਹ ਕਿਸਾਨਾਂ ਦਾ ਚੌਥਾ ਧੜਾ ਹੈ ਜੋ ਖੇਤੀ ਕਾਨੂੰਨਾਂ ਦੀ ਹਮਾਇਤ ’ਚ ਬਾਕੀ ਸਫਾ ਨਿਤਰਿਆ ਹੈ। ਸ੍ਰੀ ਤੋਮਰ ਨੇ ਖ਼ਬਰ ਏਜੰਸੀ ਨੂੰ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਯਕੀਨੀ ਹੋਵੇਗੀ। ‘ਅਸੀਂ ਕਿਸਾਨਾਂ ਦੇ ਸੰਪਰਕ ’ਚ ਹਾਂ। ਸਰਕਾਰ ਕਿਸੇ ਵੀ ਸਮੇਂ ਗੱਲਬਾਤ ਲਈ ਤਿਆਰ ਹੈ। ਕਿਸਾਨ ਆਗੂਆਂ ਨੇ ਤੈਅ ਕਰਕੇ ਦੱਸਣਾ ਹੈ ਕਿ ਉਹ ਅਗਲੀ ਮੀਟਿੰਗ ਲਈ ਕਦੋਂ ਤਿਆਰ ਹਨ।’

ਕੇਂਦਰ ਅਤੇ ਕਿਸਾਨ ਆਗੂਆਂ ਵਿਚਕਾਰ ਹੁਣ ਤੱਕ ਪੰਜ ਗੇੜ ਦੀ ਗੱਲਬਾਤ ਕਿਸੇ ਤਣ-ਪੱਤਣ ਨਹੀਂ ਲੱਗ ਸਕੀ ਹੈ। ਉਂਜ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ’ਚ ਸੋਧ ਦੀ ਤਜਵੀਜ਼ ਪੇਸ਼ ਕੀਤੀ ਹੈ ਜਿਸ ਨੂੰ ਕਿਸਾਨਾਂ ਨੇ ਨਾਮਨਜ਼ੂਰ ਕਰ ਦਿੱਤਾ ਹੈ। ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਜਨਰਲ ਸਕੱਤਰ ਜੀ ਪਾਟਿਲ ਹੰਗਰਗੇਕਰ ਦੀ ਅਗਵਾਈ ਹੇਠ ਤੋਮਰ ਨੂੰ ਮਿਲੇ ਵਫ਼ਦ ਨੇ ਖੇਤੀ ਕਾਨੂੰਨਾਂ ’ਚ ਸੋਧਾਂ ਨੂੰ ਵੀ ਹਮਾਇਤ ਦਿੱਤੀ। ਇਸ ਤੋਂ ਪਹਿਲਾਂ ਹਰਿਆਣਾ ਅਤੇ ਉੱਤਰਾਖੰਡ ਦੇ ਕਿਸਾਨ ਗੁੱਟਾਂ ਨੇ ਖੇਤੀ ਕਾਨੂੰਨਾਂ ਨੂੰ ਸਮਰਥਨ ਦਿੱਤਾ ਸੀ। ਮੀਟਿੰਗ ਮਗਰੋਂ ਪਾਟਿਲ ਨੇ ਕਿਹਾ ਕਿ ਕਈ ਸਾਲ ਦੇ ਸੰਘਰਸ਼ ਮਗਰੋਂ ਇਹ ਦਿਨ ਆਇਆ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੁਝ ਤਾਕਤਾਂ ਨੇ ਗੁੰਮਰਾਹ ਕੀਤਾ ਹੈ। ‘ਅਸੀਂ ਨਹੀਂ ਚਾਹੁੰਦੇ ਕਿ ਇਹ ਤਾਕਤਾਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਰਾਹੀਂ ਮਿਲਣ ਵਾਲੀ ਆਜ਼ਾਦੀ ਤੋਂ ਵਾਂਝਾ ਕਰ ਦੇਣ।’ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨ ਹਿੱਤਾਂ ਦੀ ਰਾਖੀ ਲਈ ਕੁਝ ਕਦਮ ਉਠਾਉਣ ਦੀ ਲੋੜ ਹੈ। ਸ਼ੇਤਕਾਰੀ ਸੰਗਠਨ ਮਹਾਰਾਸ਼ਟਰ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਐੱਨਸੀਪੀ ਮੁਖੀ ਅਤੇ ਸਾਬਕਾ ਖੇਤੀ ਮੰਤਰੀ ਸ਼ਰਦ ਪਵਾਰ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਉਨ੍ਹਾਂ ਯੂਪੀਏ ਦੇ ਕਾਰਜਕਾਲ ਦੌਰਾਨ ਇਨ੍ਹਾਂ ਖੇਤੀ ਸੁਧਾਰਾਂ ਦੀ ਵਕਾਲਤ ਕੀਤੀ ਸੀ।

Previous articleਕਿਸਾਨਾਂ ਦੇ ਅਰਮਾਨਾਂ ਨੂੰ ਹੋਰ ਨਾ ਪਰਖੋ !
Next articleਪੰਜਾਬ ਿਵੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਮੂਹਰੇ ਧਰਨੇ