ਚੰਡੀਗੜ੍ਹ (ਸਮਾਜ ਵੀਕਲੀ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਤਰਨ ਤਾਰਨ ਵਿੱਚ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ’ਚ ਅੱਜ 5 ਅਧਿਕਾਰੀਆਂ/ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਿਹਤ ਵਿਭਾਗ ਵਿੱਚ ਫਰਜ਼ੀ ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਸਬੰਧੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ। ਪੜਤਾਲ ਦੌਰਾਨ ਸਰਟੀਫਿਕੇਟ ਗ਼ਲਤ/ਜਾਅਲੀ ਹੋਣ ਬਾਰੇ ਪਤਾ ਲੱਗਾ, ਜਿਸ ਮਗਰੋਂ ਉਨ੍ਹਾਂ ਦੀ ਸੇਵਾਵਾਂ ਬਰਖ਼ਾਸਤ ਕਰ ਦਿੱਤੀਆਂ ਗਈਆਂ। ਪੁਰਾਣੇ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ (ਰਿਟਾਇਰਡ) ਵਿਰੁੱਧ ਵੀ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।