ਚਾਰ ਸਾਲਾ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਲੁਧਿਆਣਾ– ਚੰਡੀਗੜ੍ਹ ਰੋਡ ਸਥਿਤ ਸੈਕਟਰ 39 ’ਚ ਸ਼ਹਿਰ ਦੇ ਪ੍ਰਮੁੱਖ ਸਕੂਲ ’ਚ ਪੜ੍ਹਨ ਵਾਲੀ ਚਾਰ ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਸ਼ੁੱਕਰਵਾਰ ਦੁਪਹਿਰ ਨੂੰ ਬੱਚੀ ਦੇ ਪਰਿਵਾਰ ਵਾਲੇ ਤੇ ਬਾਕੀ ਬੱਚਿਆਂ ਦੇ ਪਰਿਵਾਰ ਸਕੂਲ ਦੇ ਬਾਹਰ ਪੁੱਜੇ। ਪਰਿਵਾਰ ਵਾਲਿਆਂ ਨੇ ਸਕੂਲ ਪ੍ਰਸ਼ਾਸਨ ਨੂੰ ਮਿਲਣ ਦੀ ਮੰਗ ਕੀਤੀ, ਪਰ ਮਿਲਣ ਨਾ ਦਿੱਤਾ ਗਿਆ ਤਾਂ ਪਰਿਵਾਰ ਵਾਲਿਆਂ ਨੇ ਸਕੂਲ ਦੇ ਬਾਹਰ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮੋਤੀ ਨਗਰ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲੀਸ ਦੇ ਨਾਲ ਪਰਿਵਾਰ ਵਾਲਿਆਂ ਨੂੰ ਅੰਦਰ ਬੁਲਾਇਆ ਤੇ ਇਨਸਾਫ਼ ਦੀ ਮੰਗ ਕੀਤੀ। ਪੁਲੀਸ ਨੇ ਪਰਿਵਾਰ ਵਾਲਿਆਂ ਨੂੰ ਭਰੋਸਾ ਦਿੱਤਾ ਕਿ ਬੱਚੀ ਦੇ ਨਾਲ ਗਲਤ ਕੰਮ ਕਰਨ ਵਾਲਿਆਂ ਦਾ ਜਲਦੀ ਪਤਾ ਲਗਾ ਲਿਆ ਜਾਵੇਗਾ। ਜਾਣਕਾਰੀ ਅਨੁਸਾਰ ਬੱਚੀ ਨਾਲ ਹੋਈ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ ’ਚ ਸ਼ੁੱਕਰਵਾਰ ਦੀ ਸਵੇਰੇ ਸਿਵਲ ਹਸਪਤਾਲ ’ਚ ਥਾਣਾ ਮੋਤੀ ਨਗਰ ਦੀ ਪੁਲੀਸ ਨੇ ਮੈਡੀਕਲ ਜਾਂਚ ਕਰਵਾਈ। ਉਸ ਤੋਂ ਬਾਅਦ ਬੱਚੀ ਦੇ ਪਰਿਵਾਰ ਵਾਲੇ ਤੇ ਹੋਰ ਸਕੂਲੀ ਬੱਚਿਆਂ ਦੇ ਪਰਿਵਾਰ ਵਾਲੇ ਸਕੂਲ ਦੇ ਬਾਹਰ ਪੁੱਜੇ। ਉਨ੍ਹਾਂ ਨੇ ਪ੍ਰਿੰਸੀਪਲ ਨੂੰ ਮਿਲਣ ਦੀ ਗੱਲ ਕਹੀ, ਪਰ ਪ੍ਰਿੰਸੀਪਲ ਨੇ ਮਿਲਣ ਤੋਂ ਮਨ੍ਹਾ ਕਰ ਦਿੱਤਾ ਤਾਂ ਪਰਿਵਾਰ ਵਾਲਿਆਂ ਨੇ ਸਕੂਲ ਦੇ ਬਾਹਰ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਥਾਣਾ ਮੋਤੀ ਨਗਰ ਦੀ ਪੁਲੀਸ ਵੀ ਉਥੇ ਪੁੱਜ ਗਈ। ਪੁਲੀਸ ਨੇ ਪਰਿਵਾਰ ਵਾਲਿਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਮੁਲਜ਼ਮ ਨੂੰ ਛੇਤੀ ਕਾਬੂ ਕਰ ਲੈਣਗੇ, ਪਰ ਪਰਿਵਾਰ ਵਾਲੇ ਖੁਦ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖਣਾ ਚਾਹੁੰਦੇ ਸਨ। ਇਸ ਤੋਂ ਬਾਅਦ ਪੁਲੀਸ ਨੇ ਸਕੂਲ ਪ੍ਰਿੰਸੀਪਲ ਨਾਲ ਗੱਲ ਕੀਤੀ ਤੇ ਪਰਿਵਾਰ ਵਾਲਿਆਂ ਦੇ ਨਾਲ ਪੁਲੀਸ ਅੰਦਰ ਗਈ। ਫੁਟੇਜ ਦੇਖੀ ਗਈ, ਪਰ ਉਥੇ ਕੋਈ ਸਬੂਤ ਨਹੀਂ ਮਿਲਿਆ। ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਉਹ ਬੱਚਿਆਂ ਨੂੰ ਸਕੂਲ ਪ੍ਰਸ਼ਾਸਨ ਦੇ ਸਹਾਰੇ ਸਕੂਲ ਭੇਜਦੇ ਹਨ, ਪਰ ਉਨ੍ਹਾਂ ਦੇ ਬੱਚੇ ਦੀ ਕਿਸੇ ਵੀ ਹਾਲ ’ਚ ਸੁਰੱਖਿਆ ਦੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਨਹੀਂ ਲੈਦਾ। ਜਾਂਚ ਅਧਿਕਾਰੀ ਏਐਸਆਈ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ’ਚ ਤਾਂ ਕੁਝ ਮਿਲਿਆ ਨਹੀਂ ਹੈ। ਮੈਡੀਕਲ ਜਾਂਚ ਸ਼ੁਰੂ ਕਰਵਾ ਦਿੱਤੀ ਗਈ ਹੈ। ਜਲਦੀ ਹੀ ਮੁਲਜ਼ਮ ਦਾ ਪਤਾ ਲਿਆ ਜਾਵੇਗਾ। ਪੁਲੀਸ ਮੈਡੀਕਲ ਰਿਪੋਰਟ ਦੀ ਉਡੀਕ ਕਰ ਰਹੀ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Previous articleਡੱਡੂਮਾਜਰਾ ਡੰਪਿੰਗ ਗਰਾਊਂਡ ਹੋਵੇਗਾ ਕੂੜਾ-ਮੁਕਤ
Next articleਨਵੀਂ ਚੋੋਣ ਕਮੇਟੀ ਛੇਤੀ ਬਣਾਵਾਂਗੇ: ਗਾਂਗੁਲੀ