ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਮਗਰੋਂ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਕਿਸੇ ਤਰ੍ਹਾਂ ਦੀ ਕੋਈ ਹਮਾਇਤ ਨਹੀਂ ਲਵੇਗੀ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਸਿਰਸਾ ਦੀ ਹਮਾਇਤ ਲੈਣ ਲਈ ਆਪਣੇ ਸਾਰੇ ਬਦਲ ਖੁੱਲ੍ਹੇ ਰੱਖੇ ਹੋਏ ਹਨ। ਖਡੂਰ ਸਾਹਿਬ ਤੋਂ ਚੋਣ ਲੜ ਰਹੀ ਜਗੀਰ ਕੌਰ ਨੇ ਬਿਆਨ ਦਿੱਤਾ ਹੈ ਕਿ ਉਹ ਆਪਣੇ ਲਈ ਡੇਰਾ ਸਿਰਸਾ ਦੀਆਂ ਵੋਟਾਂ ਨਹੀਂ ਮੰਗੇਗੀ ਪਰ ਪਾਰਟੀ ਪੱਧਰ ’ਤੇ ਫ਼ੈਸਲਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਨਾ ਹੈ। ਇਸ ਬਿਆਨ ’ਤੇ ਟਿੱਪਣੀ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਸਿਰਸਾ ਦੀ ਸਿਆਸੀ ਮਦਦ ਲੈਣ ਲਈ ਆਪਣੇ ਦਰਵਾਜ਼ੇ ਬੰਦ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਭਾਵੇਂ ਸਹਿਜ ਵਿਚ ਇਹ ਛੋਟੀ ਜਿਹੀ ਗੱਲ ਆਖੀ ਹੈ ਪਰ ਇਸ ਦੇ ਅਰਥ ਬੜੇ ਡੂੰਘੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲਾਂ ਨੂੰ ਡੇਰਾ ਸਿਰਸਾ ਬਾਰੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ’ਚ ਕਥਿਤ ਤੌਰ ’ਤੇ ਦੋਸ਼ੀ ਪੁਲੀਸ ਅਧਿਕਾਰੀਆਂ ਦੇ ਕੇਸ ਲੜਨ ਲਈ ਫੀਸਾਂ ਦਾ ਪ੍ਰਬੰਧ ਕਰਨ ਵਾਲਿਆਂ ਦੀ ਵੀ ਘੋਖ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਨੂੰ ਹਰ ਤਰ੍ਹਾਂ ਨਾਲ ਜਾਇਜ਼ ਠਹਿਰਾਏ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਗੁਰੂ ਦੀ ਗੋਲਕ ਵਿਚੋਂ 90 ਲੱਖ ਰੁਪਏ ਖ਼ਰਚ ਕੀਤੇ ਸਨ।
HOME ਚੋਣਾਂ ’ਚ ਡੇਰਾ ਸਿਰਸਾ ਦੀ ਹਮਾਇਤ ਨਹੀਂ ਲਵਾਂਗੇ: ਜਾਖੜ