ਚੰਡੀਗੜ੍ਹ ’ਚ ਡੈਪੂਟੇਸ਼ਨ ਦਾ ਮੁੱਦਾ: ਕਿਰਨ ਖੇਰ ਤੇ ਅਕਾਲੀ ਦਲ ’ਚ ਖੜਕੀ

ਲੋਕ ਸਭਾ ’ਚ ਪੰਜਾਬ ਦੇ ਡੈਪੂਟੇਸ਼ਨ ਕੋਟੇ ਨੂੰ ਖੋਰਾ ਲਾਉਣ ਦਾ ਮੁੱਦਾ ਉੱਠਿਆ

ਕੇਂਦਰ ਸ਼ਾਸਿਤ ਪ੍ਰਦੇਸ਼ (ਯੂਟੀ) ਚੰਡੀਗੜ੍ਹ ਵਿਚ ਪੰਜਾਬ ਦੇ ਨਿਰਧਾਰਤ ਡੈਪੂਟੇਸ਼ਨ ਕੋਟੇ ਦੇ ਮੁੱਦੇ ’ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ’ਤੇ ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕਿਰਨ ਖੇਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਖੜਕ ਗਈ ਹੈ। ਜ਼ਿਕਰਯੋਗ ਹੈ ਕਿ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ 17 ਜੁਲਾਈ ਨੂੰ ਲੋਕ ਸਭਾ ’ਚ ਕਿਹਾ ਸੀ ਕਿ ਚੰਡੀਗੜ੍ਹ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਯੂੁਟੀ ਕੇਡਰ ਬਣਾ ਕੇ ਪੰਜਾਬ ਅਤੇ ਹਰਿਆਣਾ ਦੇ ਕ੍ਰਮਵਾਰ 60 ਤੇ 40 ਫ਼ੀਸਦ ਡੈਪੂਟੇਸ਼ਨ ਕੋਟੇ ਨੂੰ ਖੋਰਾ ਲਾਇਆ ਜਾ ਰਿਹਾ ਹੈ। ਇਸ ਦੇ ਜਵਾਬ ਵਿਚ ਕਿਰਨ ਖੇਰ ਨੇ ਸੰਸਦ ’ਚ ਕਿਹਾ ਸੀ ਕਿ ਸ੍ਰੀ ਗਿੱਲ ਨੇ ਗਲਤ ਬਿਆਨੀ ਕੀਤੀ ਹੈ ਕਿ ਪੰਜਾਬ ਦੀ ਵੰਡ ਹੋਣ ਵੇਲੇ ਪੰਜਾਬ ਰੀ-ਆਰਗੇਨਾਈਜ਼ੇਸ਼ਨ ਐਕਟ-1966 ’ਚ ਚੰਡੀਗੜ੍ਹ ਵਿਚ ਪੰਜਾਬ ਦੇ 60 ਅਤੇ ਹਰਿਆਣਾ ਦੇ 40 ਫ਼ੀਸਦ ਅਧਿਕਾਰੀ ਨਿਯੁਕਤ ਕਰਨ ਦਾ ਫ਼ੈਸਲਾ ਹੋਇਆ ਸੀ। ਕਿਰਨ ਖੇਰ ਨੇ ਕਿਹਾ ਕਿ ਐਕਟ ਵਿਚ ਅਜਿਹਾ ਕੋਈ ਫ਼ੈਸਲਾ ਕਿਤੇ ਵੀ ਨਹੀਂ ਹੋਇਆ। ਸੰਸਦ ਮੈਂਬਰ ਮੁਤਾਬਕ ਸੁਪਰੀਮ ਕੋਰਟ ਨੇ ਸਵਰਨ ਲਤਾ ਬਨਾਮ ਯੂਨੀਅਨ ਆਫ਼ ਇੰਡੀਆ ਦੇ ਕੇਸ ਵਿਚ ਫ਼ੈਸਲਾ ਦਿੱਤਾ ਸੀ ਕਿ ਹਾਲੇ ਇਸੇ ਤਰ੍ਹਾਂ ਚਲਣ ਦਿੰਦੇ ਹਾਂ ਅਤੇ ਇਧਰੋਂ 60 ਫ਼ੀਸਦ ਤੇ ਉਧਰੋਂ 40 ਫ਼ੀਸਦ ਅਧਿਕਾਰੀ ਲੈ ਲਏ ਜਾਂਦੇ ਹਨ ਅਤੇ ਅੱਗੇ ਜਾ ਕੇ ਯੂਟੀ ਦਾ ਆਪਣੇ-ਆਪ ਕੇਡਰ ਬਣ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਸ੍ਰੀ ਗਿੱਲ ਦਾ ਇਹ ਕਥਨ ਗਲਤ ਹੈ ਕਿ ਯੂਟੀ ਕੇਡਰ ਗ਼ੈਰ-ਕਾਨੂੰਨੀ ਢੰਗ ਨਾਲ ਬਣਾਇਆ ਗਿਆ ਹੈ। ਇਸ ਮੁੱਦੇ ਦਾ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਨੇ ਗੰਭੀਰ ਨੋਟਿਸ ਲਿਆ ਹੈ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ,‘‘ਕਿਰਨ ਖੇਰ ਨੇ ਪੰਜਾਬ ਦੇ ਡੈਪੂਟੇਸ਼ਨ ਕੋਟੇ ਬਾਰੇ ਗਲਤ ਸਟੈਂਡ ਲਿਆ ਹੈ ਅਤੇ ਪਾਰਟੀ ਉਨ੍ਹਾਂ ਦਾ ਇਸ ਮੁੱਦੇ ਉਪਰ ਵਿਰੋਧ ਕਰੇਗੀ।’’ ਉਨ੍ਹਾਂ ਕਿਹਾ ਕਿ ਕਿਰਨ ਖੇਰ ਨੂੰ ਪੰਜਾਬ ਨਾਲ ਜੋ ਧੱਕਾ ਹੋਇਆ ਹੈ, ਉਸ ਬਾਰੇ ਇਤਿਹਾਸ ਉਪਰ ਝਾਤੀ ਮਾਰ ਕੇ ਹੀ ਸੰਸਦ ਵਿਚ ਸਹੀ ਤੱਥ ਪੇਸ਼ ਕਰਨੇ ਚਾਹੀਦੇ ਹਨ। ਡਾ. ਚੀਮਾ ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਪੰਜਾਬ ਦੇ 60 ਫ਼ੀਸਦ ਡੈਪੂਟੇਸ਼ਨ ਕੋਟੇ ਨੂੰ ਖੋਰਾ ਲਾਉਣ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਮਿਲੇ ਸਨ ਅਤੇ ਭਾਰਤ ਸਰਕਾਰ ਨੇ ਪੰਜਾਬ ਦੇ 60 ਫ਼ੀਸਦ ਕੋਟੇ ਨੂੰ ਬਰਕਰਾਰ ਰੱਖਣ ਦਾ ਵਾਅਦਾ ਕੀਤਾ ਸੀ ਪਰ ਕਿਰਨ ਖੇਰ ਕੁਝ ਹੋਰ ਹੀ ਤੱਥ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਚੰਡੀਗੜ੍ਹ ਵਿਚੋਂ ਪੰਜਾਬ ਦੇ ਕੋਟੇ ਨੂੰ ਖੋਰਾ ਨਹੀਂ ਲਾਉਣ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਕਿਰਨ ਖੇਰ ਚੰਡੀਗੜ੍ਹ ਤੋਂ ਭਾਜਪਾ-ਅਕਾਲੀ ਦਲ ਗੱਠਜੋੜ ਦੀ ਟਿਕਟ ਤੋਂ ਚੋਣ ਲੜ ਕੇ ਜਿੱਤੀ ਹੈ। ਉਧਰ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਗਿੱਲ ਨੇ ਕਿਹਾ ਕਿ ਉਹ ਇਹ ਮੁੱਦਾ ਸੰਸਦ ਵਿਚ ਮੁੜ ਉਠਾਉਣਗੇ ਅਤੇ ਚੰਡੀਗੜ੍ਹ ਵਿਚ ਪੰਜਾਬ ਦੇ ਹੱਕਾਂ ਉਪਰ ਡਾਕਾ ਨਹੀਂ ਪੈਣ ਦੇਣਗੇ। ਉਨ੍ਹਾਂ ਕਿਹਾ ਕਿ ਕਿਰਨ ਖੇਰ ਅਕਾਲੀ ਦਲ ਦੀ ਮਦਦ ਨਾਲ ਜਿੱਤੀ ਹੈ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਟੈਂਡ ਲੈਣ ਲਈ ਪੰਜਾਬੀਆਂ ਨੂੰ ਉਸ ਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ 28 ਪੰਜਾਬੀ ਪਿੰਡ ਉਜਾੜ ਕੇ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਉਸਾਰਿਆ ਗਿਆ ਸੀ ਅਤੇ ਹੁਣ ਪੰਜਾਬ ਦੇ ਡੈਪੂਟੇਸ਼ਨ ਕੋਟੇ ਨੂੰ ਵੀ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਚ ਮਾਂ ਬੋਲੀ ਪੰਜਾਬੀ ਨਾਲ ਵੀ ਧੱਕਾ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਅਫ਼ਸਰਾਂ ਲਈ ਨਿਰਧਾਰਤ ਕੋਟਾ ਬਰਕਰਾਰ ਰੱਖ ਕੇ ਚੰਡੀਗੜ੍ਹ ਨੂੰ ਮਿਲਿਆ ਯੂਟੀ ਦਾ ਰੁਤਬਾ ਬਰਕਰਾਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਹੇਠਲੇ ਮੁਲਾਜ਼ਮਾਂ ਦੀ ਭਰਤੀ ਲਈ ਐੱਸ ਐੱਸ ਐੱਸ ਬੋਰਡ ਦਾ ਗਠਨ ਹੋਣਾ ਚਾਹੀਦਾ ਹੈ। ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ ਨੇ ਇਸ ਮੁੱਦੇ ’ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।

Previous articleਕੌਮਾਂਤਰੀ ਨਗਰ ਕੀਰਤਨ: ਡੇਰਾ ਬਾਬਾ ਨਾਨਕ ਪੁੱਜਣ ’ਤੇ ਭਰਵਾਂ ਸਵਾਗਤ
Next articleਮੈਂ ਕੁਝ ਵੀ ਗਲਤ ਨਹੀਂ ਕਿਹਾ: ਕਿਰਨ ਖੇਰ