ਚੰਡੀਗੜ੍ਹ, (ਸਮਾਜ ਵੀਕਲੀ) :ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਤੇ ਹੋਰਨਾਂ ਅਕਾਲੀ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਅੱਜ ਪੰਜਾਬ ਰਾਜ ਭਵਨ ਨੇੜੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਦੇ ਦੋਸ਼ ਹੇਠ ਹਿਰਾਸਤ ਵਿੱਚ ਲੈ ਲਿਆ। ਉਹ ਜ਼ਹਿਰੀਲੀ ਸ਼ਰਾਬ ਕਾਰਨ ਪੰਜਾਬ ਵਿਚ ਹੋਈਆਂ ਮੌਤਾਂ ਲਹੀਂ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਸ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਜ਼ਾਹਰਾਕਾਰੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮਜੀਠੀਆ ਨੇ ਫੇਸਬੁੱਕ ’ਤੇ ਇਕ ਪੋਸਟ ਪਾਈ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸਿਰਫ਼ 10 ਮਿੰਟ ਲਈ ਮਿਲੇ ਜੋ ਦਰਸਾਉਂਦਾ ਹੈ ਕਿ ਕੈਪਟਨ ਸਰਕਾਰ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ। ਕਾਂਗਰਸ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਜਦੋਂ ਕਿ ਸ੍ਰੋਮਣੀ ਅਕਾਲੀ ਦਲ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਅਖੀਰ ਤਕ ਲੜਦਾ ਰਹੇਗਾ। ਇਨ੍ਹਾਂ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ।