ਚੰਨੀ ਦੀ ਕੋਠੀ ਅੱਗੇ ਧਰਨਾ ਦੇਣ ਜਾਂਦੇੇ ਅਕਾਲੀ ਆਗੂ ਗ੍ਰਿਫ਼ਤਾਰ

ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਧਰਨਾ ਦੇਣ ਜਾ ਰਹੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅੱਜ ਇੱਥੇ ਯੂਟੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਪਾਰਟੀ ਨੇ ਬੀਤੇ ਦਿਨ ਹੀ ਕੋਰ ਕਮੇਟੀ ਦੀ ਮੀਟਿੰਗ ਕਰਕੇ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਸੀ।

ਸੈਕਟਰ-3 ਦੇ ਐੱਮਐੱਲਏ ਫਲੈਟਸ ਵਿੱਚੋਂ ਨਿਕਲ ਕੇ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਅਕਾਲੀ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਸੂਬਾ ਸਰਕਾਰ ਨੂੰ ਗੈਰ-ਸੰਵਿਧਾਨਕ ਤੌਰ ’ਤੇ ਹਦਾਇਤਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੇ ਕਾਂਗਰਸ ਸਰਕਾਰ ਦੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਲਈ ਨਾ ਸਿਰਫ ਉਸ ਦੀ ਇਸ ਮੰਗ ਲਈ ਸਹਿਮਤੀ ਦਿੱਤੀ ਹੈ ਬਲਕਿ ਡੀਜੀਪੀ ਨੂੰ ਝੂਠਾ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਅਜਿਹੇ ਸਾਰੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਵੇਗਾ ਅਤੇ ਅਕਾਲੀ ਵਰਕਰਾਂ ਖ਼ਿਲਾਫ਼ ਦਰਜ ਝੂਠੇ ਕੇਸਾਂ ਦੀ ਪੜਤਾਲ ਲਈ ਕਮਿਸ਼ਨ ਗਠਿਤ ਕੀਤਾ ਜਾਵੇਗਾ। ਸ੍ਰੀ ਬਾਦਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਕਾਲੀ ਦਲ ਇਸ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਬੇਅਦਬੀ ਦੇ ਨਾਲ ਨਸ਼ਿਆਂ ਦੇ ਸੰਵੇਦਨਸ਼ੀਲ ਮਾਮਲੇ ਦਾ ਨਿਰੰਤਰ ਸਿਆਸੀਕਰਨ ਕੀਤਾ ਹੈ। ਉਨ੍ਹਾਂ ਕਾਂਗਰਸ ਸਰਕਾਰ ਨੂੰ ਸਾਰੀ ਅਕਾਲੀ ਲੀਡਰਸ਼ਿਪ ਨੂੰ ਗ੍ਰਿਫ਼ਤਾਰ ਕਰਨ ਦੀ ਚੁਣੌਤੀ ਦਿੱਤੀ।

ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਸੋਹਣ ਸਿੰਘ ਨਾਂ ਦੇ ਠੇਕੇ ’ਤੇ ਕੰਮ ਕਰਦੇ ਉਸ ਅਧਿਆਪਕ ਨਾਲ ਵੀ ਗੱਲਬਾਤ ਕੀਤੀ, ਜੋ ਤਨਖ਼ਾਹ ਵਿੱਚ ਕਟੌਤੀ ਖ਼ਿਲਾਫ਼ ਅਤੇ ਸੇਵਾਵਾਂ ਰੈਗੂਲਰ ਕਰਵਾਉਣ ਲਈ ਐੱਮਐੱਲਏ ਫਲੈਟ ਨੇੜੇ ਬੀਐੱਸਐੱਸਐੱਲ ਦੇ ਟਾਵਰ ’ਤੇ ਚੜ੍ਹਿਆ ਹੋਇਆ ਹੈ।

ਇਸ ਮੌਕੇ ਯੂਟੀ ਪੁਲੀਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜ੍ਹੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਸ਼ਰਨਜੀਤ ਸਿੰਘ ਢਿੱਲੋਂ, ਐਨ ਕੇ ਸ਼ਰਮਾ, ਪਰਮਬੰਸ ਸਿੰਘ ਰੋਮਾਣਾ, ਚਰਨਜੀਤ ਸਿੰਘ ਬਰਾੜ, ਹਰੀਸ਼ ਰਾਏ ਢਾਂਡਾ, ਰੋਜ਼ੀ ਬਰਕੰਦੀ, ਵਰਦੇਵ ਮਾਨ ਤੇ ਰਣਜੀਤ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕੀਤਾ। ਅਕਾਲੀ ਆਗੂਆਂ ਨੂੰ ਸਹਾਰਨਪੁਰ ਪੁਲੀਸ ਸਟੇਸ਼ਨ ਲਿਜਾਇਆ ਗਿਆ, ਜਿੱਥੋਂ ਕਰੀਬ ਅੰਧੇ ਘੰਟੇ ਮਗਰੋਂ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ: ਟਿਕੈਤ
Next articleਜੇਕਰ ਕੁਝ ਨਹੀਂ ਕੀਤਾ ਤਾਂ ਕਾਹਦਾ ਡਰ: ਸਿੱਧੂ