ਚੰਨੀ ਵੱਲੋਂ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ

New Punjab Chief Minister Charanjit Singh Channi.

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੁਲਾਜ਼ਮਾਂ ਦੇ ਪਰਿਵਾਰਾਂ, ਕਿਸਾਨਾਂ ਅਤੇ ਕੋਵਿਡ-19 ਦੌਰਾਨ ਮਾਪੇ ਗੁਆ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਯੋਜਨਾ ਤਹਿਤ ਰਾਹਤਾਂ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੇਵਾਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਰਿਵਾਰਕ ਪੈਨਸ਼ਨ ਦਾ ਲਾਭ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਅੱਜ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਨਾਲ ਹੀ 5-5-2009 ਦੇ ਪਰਿਵਾਰਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਸਿਵਲ ਸੇਵਾਵਾਂ ਨਿਯਮ-ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵੱਲੋਂ ਸੋਧਾਂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫ਼ੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਮੌਜੂਦਾ ਵਰ੍ਹੇ 26 ਅਗਸਤ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਖ਼ਿਲਾਫ਼ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐੱਫ) ਵੱਲੋਂ ਦਰਜ ਕੀਤੇ ਗਏ ਮਾਮਲੇ ਫੌਰੀ ਵਾਪਸ ਲਏ ਜਾਣ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਇਸ ਸਾਰੇ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਅਰਜ਼ੋਈ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੁਆਰਾ ਲਾਗੂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੌਰਾਨ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਪੰਜਾਬ ’ਚ ਪਿਛਲੇ ਸਾਲ ਅਤੇ ਮੌਜੂਦਾ ਵਰ੍ਹੇ ਦੌਰਾਨ ਰੇਲਵੇ ਟਰੈਕਾਂ ’ਤੇ ਧਰਨੇ ਦਿੱਤੇ ਸਨ। ਇਸੇ ਦੇ ਨਤੀਜੇ ਵਜੋਂ ਆਰਪੀਐੱਫ ਵੱਲੋਂ ਉਨ੍ਹਾਂ ਖ਼ਿਲਾਫ਼ 30 ਕੇਸ ਦਰਜ ਕੀਤੇ ਗਏ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ’ਚ ਕਰੋਨਾ ਦੇ 22842 ਨਵੇਂ ਮਾਮਲੇ ਤੇ 244 ਮੌਤਾਂ
Next articleਅਹੁਦਾ ਹੋਵੇ ਜਾਂ ਨਾ ਪਰ ਰਾਹੁਲ ਤੇ ਪ੍ਰਿਯੰਕਾ ਨਾਲ ਡਟ ਕੇ ਖੜ੍ਹਾਂਗਾ: ਸਿੱਧੂ