ਭਾਰਤੀ ਹਵਾਈ ਸੈਨਾ ਦੇ ਪਾਇਲਟ ਅਭਿਨੰਦਨ, ਜਿਸ ਨੂੰ ਬੀਤੇ ਦਿਨੀਂ ਪਾਕਿਸਤਾਨ ਫੌਜ ਨੇ ਹਿਰਾਸਤ ਵਿਚ ਲੈ ਲਿਆ ਸੀ, ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਛੱਡਣ ਦੇ ਕੀਤੇ ਗਏ ਐਲਾਨ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦਿਆਂ ਕਿਹਾ ਹੈ ਕਿ ਖਿੱਤੇ ਵਿਚ ਸ਼ਾਂਤੀ ਦੀ ਬਹਾਲੀ ਲਈ ਇਹ ਚੰਗਾ ਕਦਮ ਹੈ। ਖਾਲੜਾ ਵਿੱਚ ਬੀਐੱਸਐੱਫ ਦੇ ਮੋਰਚੇ ਵਿੱਚੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਵਾਮਾ ਦਹਿਸ਼ਤੀ ਹਮਲੇ ਮਗਰੋਂ ਪੈਦਾ ਹੋਇਆ ਤਣਾਅ ਛੇਤੀ ਹੀ ਆਮ ਹਾਲਾਤ ਵਿਚ ਬਦਲ ਜਾਵੇਗਾ ਅਤੇ ਸਥਿਤੀ ਆਮ ਵਰਗੀ ਹੋ ਜਾਵੇਗੀ। ਮੁੱਖ ਮੰਤਰੀ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਉਹ ਬੀਐੱਸਐੱਫ ਦੇ ਜਵਾਨਾਂ ਨੂੰ ਮਿਲੇ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਮੁੱਖ ਮੰਤਰੀ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਸੀਆਰਪੀਐੱਫ ਦੇ ਜਵਾਨ ਸੁਖਜਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ ਅਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਢਾਰਸ ਦਿੱਤਾ। ਕੈਪਟਨ ਅਮਰਿੰਦਰ ਸਿੰਘ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਕਲਸ, ਮਸਤਗੜ੍ਹ, ਕਾਲੀਆ, ਸਕੱਤਰਾ, ਢੋਲਣ, ਲਾਖਣਾ, ਰਾਜੋਕੇ, ਵਾਂ ਤਾਰਾ ਸਿੰਘ, ਮਾੜੀ ਕੰਬੋ ਕੇ, ਮਾੜੀ ਉਦੋਕੇ, ਮਾੜੀ ਮੇਘਾ, ਮੁੱਗਲਚੱਕ, ਖਾਲੜਾ, ਅੰਮੀਸ਼ਾਹ ਵਿਚ ਪਹੁੰਚੇ ਅਤੇ ਲੋਕਾਂ ਨੂੰ ਮਿਲੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਅਜੇ ਆਪਣੇ ਘਰਾਂ ਜਾਂ ਪਿੰਡਾਂ ਤੋਂ ਉਠਣ ਦੀ ਲੋੜ ਨਹੀਂ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਤਿਆਰ ਹੈ।
HOME ਛੇਤੀ ਛਟਣਗੇ ਤਣਾਅ ਦੇ ਬੱਦਲ: ਅਮਰਿੰਦਰ