ਵਾਈਐੱਸਆਰ ਕਾਂਗਰਸ ਪਾਰਟੀ (ਵਾਈਐੱਸਆਰਸੀਪੀ) ਦੇ ਪ੍ਰਧਾਨ ਤੇ ਆਂਧਰਾ ਪ੍ਰਦੇਸ਼ ਦੇ ਮਨੋਨੀਤ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਆਂਧਰਾ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿੱਤੇ ਜਾਣ ਦੇ ਮੁੱਦੇ ’ਤੇ ਚਰਚਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਤੇ ਇਸ ਮੁੱਦੇ ’ਤੇ ਉਨ੍ਹਾਂ ਤੋਂ ਸਹਿਯੋਗ ਮੰਗਿਆ। ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਵਾਈਐੱਸਆਰ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਮੰਗ ਹੈ ਅਤੇ ਆਪਣੀ ਚੋਣ ਮੁਹਿੰਮ ਦੌਰਾਨ ਸ੍ਰੀ ਰੈੱਡੀ ਨੇ ਕਿਹਾ ਸੀ ਕਿ ਉਹ ਕੌਮੀ ਪੱਧਰ ’ਤੇ ਉਸੇ ਪਾਰਟੀ ਨੂੰ ਹਮਾਇਤ ਕਰਨਗੇ ਜੋ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਵਾਅਦਾ ਕਰੇਗੀ। ਵਾਈਐੱਸਆਰਸੀਪੀ ਨੇ ਲੰਘੇ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ’ਚ ਹੂੰਝਾ ਫੇਰ ਜਿੱਤ ਦਰਜ ਕੀਤੀ ਸੀ। ਸ੍ਰੀ ਮੋਦੀ ਨਾਲ 7 ਲੋਕ ਕਲਿਆਣ ਮਾਰਗ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਦੌਰਾਨ ਸ੍ਰੀ ਰੈੱਡੀ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਅਤੇ ਸੂਬੇ ਦੇ ਵਿੱਤੀ ਹਾਲਾਤ ਬਾਰੇ ਚਰਚਾ ਕੀਤੀ। ਉਨ੍ਹਾਂ ਕੇਂਦਰ ਤੋਂ ਫੰਡਾਂ ਦੀ ਵੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ 30 ਮਈ ਨੂੰ ਵਿਜੈਵਾੜਾ ’ਚ ਹੋਣ ਵਾਲੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਲਈ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਵੀ ਸੱਦਾ ਦਿੱਤਾ ਹੈ। ਵਾਈਐੱਸਆਰਸੀਪੀ ਮੁਖੀ ਨੇ ਆਂਧਰਾ ਭਵਨ ’ਚ ਇਸ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੂੰ ਬੀਤੇ ਦਿਨ ਵਾਈਐੱਸਆਰਸੀ ਵਿਧਾਇਕ ਦਲ ਦਾ ਮੁਖੀ ਚੁਣਿਆ ਗਿਆ ਹੈ। ਰੈੱਡੀ ਦੀ ਪਾਰਟੀ ਨੇ ਆਂਧਰਾ ਪ੍ਰਦੇਸ਼ ’ਚ ਵਿਧਾਨ ਸਭਾ ਦੀਆਂ 175 ਸੀਟਾਂ ’ਚੋਂ 151 ਅਤੇ ਲੋਕ ਸਭਾ ਦੀਆਂ 25 ਸੀਟਾਂ ’ਚੋਂ 22 ’ਤੇ ਜਿੱਤ ਦਰਜ ਕੀਤੀ ਹੈ।
INDIA ਜਗਨ ਰੈੱਡੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ