ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ’ਚ ਸ਼ਾਮਲ

ਚੰਡੀਗੜ੍ਹ (ਸਮਾਜਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਐਲਾਨ ਦਿੱਤੀ ਹੈ ਜਿਸ ’ਚ ਨਵੇਂ ਚਿਹਰੇ ਵਜੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਥਾਂ ਦਿੱਤੀ ਗਈ ਹੈ। ਬਾਕੀ ਕੋਰ ਕਮੇਟੀ ’ਚ ਪੁਰਾਣੇ ਮੈਂਬਰ ਹੀ ਸ਼ਾਮਲ ਹਨ। ਟਕਸਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਵੱਲੋਂ ਪਾਰਟੀ ਨੂੰ ਅਲਵਿਦਾ ਆਖੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਖੱਪਾ ਪੂਰਨ ਦਾ ਯਤਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੁੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜ਼ੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਜਗਮੀਤ ਸਿੰਘ ਬਰਾੜ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦੀ ਹੀ ਸੀਨੀਅਰ ਮੀਤ ਪ੍ਰਧਾਨਾਂ, ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨੇੜਲੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਰਾਜੂ ਖੰਨਾ ਵੀ ਯੂਥ ਅਕਾਲੀ ਦਲ ਦੀ ਪ੍ਰਧਾਨਗੀ ਦੀ ਦੌੜ ਵਿਚ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੇ ਐੱਸਸੀ ਵਿੰਗ ਦਾ ਦੁਬਾਰਾ ਪ੍ਰਧਾਨ ਅਤੇ ਐੱਨ ਕੇ ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਅਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਦੋ-ਦੋ ਅਹੁਦੇ ਮਿਲ ਗਏ ਹਨ। ਲੁਧਿਆਣਾ ਤੋਂ ਹੀਰਾ ਸਿੰਘ ਗਾਬੜੀਆ ਨੂੰ ਪਾਰਟੀ ਵਿਚ ਹਾਲੇ ਕੋਈ ਥਾਂ ਨਹੀਂ ਦਿੱਤੀ ਗਈ ਹੈ।

Previous articleMaha records 109 Covid-19 deaths, Mumbai cases cross 50K
Next articleਸ਼ੋਪੀਆਂ ਮੁਕਾਬਲੇ ’ਚ ਚਾਰ ਹੋਰ ਦਹਿਸ਼ਤਗਰਦ ਹਲਾਕ