ਜਥਾ ਪਾਕਿਸਤਾਨ ਨਾ ਭੇਜਣ ਦਾ ਫ਼ੈਸਲਾ ਵਿਚਾਰਨ ਦੀ ਅਪੀਲ

ਅੰਮ੍ਰਿਤਸਰ (ਸਮਾਜ ਵੀਕਲੀ) : ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ’ਤੇ ਲਾਈ ਗਈ ਰੋਕ ਦੇ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ। ਬੁੱਧਵਾਰ ਨੂੰ ਐਨ ਆਖਰੀ ਮੌਕੇ ਕੇਂਦਰ ਸਰਕਾਰ ਨੇ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਜਾਣ ਤੋਂ ਰੋਕ ਦਿੱਤਾ ਸੀ। ਇਹ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਣਾ ਸੀ।

ਬੀਬੀ ਜਗੀਰ ਕੌਰ ਨੇ ਪੱਤਰ ਵਿਚ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ’ਤੇ ਰੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਦੋਵੇਂ ਦੇਸ਼ਾਂ ਵਿਚ ਮਨਾਈ ਜਾ ਰਹੀ ਹੈ ਅਤੇ ਪਾਕਿਸਤਾਨ ਵਿਚ ਭਲਕੇ 19 ਫਰਵਰੀ ਤੋਂ ਸਮਾਗਮ ਆਰੰਭ ਹੋਣਗੇ ਲੇਕਿਨ ਕੇਂਦਰ ਸਰਕਾਰ ਵਲੋਂ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਾ ਦਿੱਤੇ ਜਾਣ ਕਾਰਨ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ, ਉਨ੍ਹਾਂ ਨੂੰ 21 ਫਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਸਮਾਗਮਾਂ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ ਅਤੇ ਆਖਰੀ ਮੌਕੇ ਆਗਿਆ ਨਾ ਦੇਣਾ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਖਿਆ ਕਿ ਜਥਾ ਭੇਜਣ ਦੀ ਆਗਿਆ ਸਬੰਧੀ 12 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਪੱਤਰ ਵੀ ਭੇਜਿਆ ਸੀ। ਉਸ ਵੇਲੇ ਰੋਕ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਵੀ ਮੁੜ ਤੋਂ ਨਹੀਂ ਖੋਲ੍ਹਿਆ ਗਿਆ ਹੈ ਅਤੇ ਸ਼ਰਧਾਲੂਆਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਤੋਂ ਰੋਕਣਾ ਮੰਦਭਾਗਾ ਹੈ।

ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਕੇਂਦਰ ਸਰਕਾਰ 700 ਸ਼ਰਧਾਲੂਆਂ ਦੇ ਜਥੇ ਦੀ ਥਾਂ ਇਕ ਛੋਟੇ ਵਫ਼ਦ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਬਾਰੇ ਵਿਚਾਰ ਕਰ ਰਹੀ ਹੈ। ਇਹ ਵਫ਼ਦ ਸਿਰਫ਼ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਮਗਰੋਂ ਪਰਤ ਆਵੇਗਾ। ਪਰ ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਅਜੇ ਤੱਕ ਕੋਈ ਹੁੰਗਾਰਾ ਪ੍ਰਾਪਤ ਨਹੀਂ ਹੋਇਆ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗੁਰਦਾਸਪੁਰ ਦੇ ਪਿੰਡ ਗੋਧਰਪੁਰਾ ’ਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਦੀ ਤਿਆਰੀ ਮੁਕੰਮਲ ਕਰ ਲਈ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਿੰਡ ਗੋਧਰਪੁਰਾ ਵਿਚ 21 ਫਰਵਰੀ ਨੂੰ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਇਸ ਸਬੰਧ ਵਿਚ 19 ਫਰਵਰੀ ਨੂੰ ਅਖੰਡ ਪਾਠ ਆਰੰਭ ਹੋਣਗੇ। ਇਸੇ ਦਿਨ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ। 20 ਫਰਵਰੀ ਨੂੰ ਇਸਤਰੀ ਗੁਰਮਤਿ ਸੰਮੇਲਨ ਹੋਵੇਗਾ ਅਤੇ 21 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਮਗਰੋਂ ਬਾਅਦ ਦੁਪਹਿਰ 3.30 ਵਜੇ ਤੱਕ ਗੁਰਮਤਿ ਸਮਾਗਮ ਚੱਲੇਗਾ।

Previous articleਕੌਂਸਲ ਚੋਣਾਂ: ਮੁਹਾਲੀ ਵਿੱਚ ਵੀ ਕਾਂਗਰਸ ਨੂੰ ਬਹੁਮੱਤ
Next articleਫ਼ਸਲਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿਣ ਕਿਸਾਨ: ਟਿਕੈਤ