ਫਾਜ਼ਿਲਕਾ (ਸਮਾਜ ਵੀਕਲੀ) : ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ’ਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਨੇ ਅੱਜ ਟੀਕਰੀ ਬਾਰਡਰ ’ਤੇ ਜ਼ਹਿਰੀਲੀ ਦਵਾਈ ਖਾ ਕੇ ਜਾਨ ਦੇ ਦਿੱਤੀ। ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿਖੇ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਅਮਰਜੀਤ ਸਿੰਘ ਨੇ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ, ਜਿਸ ’ਚ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਦੱਸਿਆ। ਉਹ ਕਰੀਬ ਇਕ ਹਫਤੇ ਤੋਂ ਦਿੱਲੀ ਦੇ ਟੀਕਰੀ ਬਾਰਡਰ ‘ਤੇ ਕਿਸਾਨਾਂ ਦੇ ਮੋਰਚੇ ਚ ਸ਼ਾਮਿਲ ਸਨ। ਆਖਿਰਕਾਰ ਉਨ੍ਹਾਂ ਅੱਜ 27 ਦਸੰਬਰ ਸਵੇਰੇ 9 ਵਜੇ ਖੁਦਕੁਸ਼ੀ ਨੋਟ ਲਿਖ ਕੇ ਸਲਫਾਸ ਖਾ ਲਈ ਸੀ।
ਇਸ ਤੋਂ ਬਾਅਦ ਉਨ੍ਹਾਂ ਆਪਣੇ ਨਾਲ ਗਏ ਆਪਣੇ ਕਲਰਕ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਕਿਸਾਨੀ ਅੰਦੋਲਨ ਲਈ ਲੜਦਿਆਂ ਮੋਦੀ ਸਰਕਾਰ ਤੋਂ ਦੁਖੀ ਹੁੰਦਿਆਂ ਜ਼ਹਿਰੀਲੀ ਦਵਾਈ ਖਾ ਲਈ ਹੈ ਅਤੇ ਉਹ ਲੰਗਰ ਵਾਲੀ ਜਗ੍ਹਾ ਦੇ ਨੇੜੇ ਪਰਾਲੀ ’ਤੇ ਲੇਟਿਆ ਹੋਇਆ ਹੈ। ਇਸ ਤੋਂ ਬਾਅਦ ਕਲਰਕ ਰਾਮ ਜੀਤ ਨੇ ਜਾ ਕੇ ਵਕੀਲ ਅਮਰਜੀਤ ਰਾਏ ਨੂੰ ਸੰਭਾਲਿਆ ਅਤੇ ਕਿਸਾਨੀ ਆਗੂਆਂ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਨੇ ਤੁਰੰਤ ਉਸ ਨੂੰ ਨੇੜਲੇ ਹਸਪਤਾਲ ਬਹਾਦਰਗੜ੍ਹ ਵਿਖੇ ਦਾਖ਼ਲ ਕਰਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਬਹਾਦਰਗੜ੍ਹ ਹਸਪਤਾਲ ਦੇ ਡਾਕਟਰਾਂ ਵੱਲੋਂ ਵਕੀਲ ਦੀ ਹਾਲਤ ਗੰਭੀਰ ਹੁੰਦੇ ਵੇਖਦੇ ਹੋਏ ਅੱਗੇ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ। ਜਲਾਲਾਬਾਦ ਬਾਰ ਐਸੋਸੀਏਸ਼ਨ ਵਲੋਂ ਮੌਤ ’ਤੇ ਦੁੱਖ ਪ੍ਰਗਟਾਇਆ ਗਿਆ ਹੈ।