ਮੋਦੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਹਾਜ਼ਰੀ ਲਵਾਉਣ ਦੀ ਕੀਤੀ ਪੁਸ਼ਟੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜੋ ਸ੍ਰੀ ਮੋਦੀ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ ਪਹਿਲੀ ਸੀ। ਉੱਧਰ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਕਿ ਜਲ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਸਰਬ-ਪਾਰਟੀ ਮੀਟਿੰਗ ਸੱਦਣ। ਇਸ ਦੌਰਾਨ ਕੈਪਟਨ ਨੇ ਪ੍ਰਧਾਨ ਮੰਤਰੀ ਕੋਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਵੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕਰਦਿਆਂ ਇਸ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ 31,000 ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮਾਮਲਾ ਵੀ ਉਠਾਇਆ ਅਤੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਇਸ ਤੋਂ ਭਲੀਭਾਂਤ ਜਾਣੂ ਹਨ।ਇਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇਸ਼ ਵਿੱਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਜਿੱਠਣ ਅਤੇ ਰਾਸ਼ਟਰ ਪੱਧਰੀ ਨੀਤੀ ਤਿਆਰ ਕਰਨ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦਣ ਲਈ ਕਿਹਾ। ਸ੍ਰੀ ਸ਼ੇਖਾਵਤ ਨਾਲ ਸ਼ਿਸ਼ਟਾਚਾਰ ਮੀਟਿੰਗ ਦੌਰਾਨ ਐੱਸਵਾਈਐੱਲ ਮੁੱਦੇ ’ਤੇ ਕੋਈ ਵੀ ਵਿਚਾਰ ਨਹੀਂ ਹੋਇਆ ਕਿਉਂਕਿ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਣੀ ਰਾਸ਼ਟਰੀ ਸਮੱਸਿਆ ਹੈ ਅਤੇ ਇਸ ਨੂੰ ਰਾਸ਼ਟਰੀ ਪੱਧਰ ’ਤੇ ਵਿਚਾਰੇ ਅਤੇ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ। ਮੀਟਿੰਗ ’ਚ ਸ਼ੇਖਾਵਤ ਨੇ ‘ਪੰਜਾਬ ਬਿਜਲੀ ਬਚਾਓ, ਪੈਸਾ ਕਮਾਓ’ ਸਕੀਮ ਦੀ ਪ੍ਰਸ਼ੰਸਾ ਕੀਤੀ। ਸਿੰਜਾਈ ਮਕਸਦਾਂ ਲਈ 85 ਫ਼ੀਸਦੀ ਪਾਣੀ ਦੀ ਵਰਤੋਂ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਜੇ ਖੇਤੀਬਾੜੀ ਲਈ ਵਰਤੇ ਜਾ ਰਹੇ ਪਾਣੀ ਵਿਚੋਂ 10 ਫ਼ੀਸਦੀ ਪਾਣੀ ਬਚਾ ਲਿਆ ਜਾਵੇ ਤਾਂ ਅਗਲੇ 50 ਸਾਲਾਂ ਵਿੱਚ ਪਾਣੀ ਦਾ ਸੰਕਟ ਹੱਲ ਹੋ ਸਕਦਾ ਹੈ। ਕੇਂਦਰੀ ਮੰਤਰੀ ਮੁਤਾਬਕ ਪੰਜਾਬ ਨੂੰ ਇਸ ਮੁਹਿੰਮ ਦੀ ਅਗਵਾਈ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਬਚਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਖੇਤਰ ਵਾਰ ਵੀ ਕੀਤੀ ਜਾ ਸਕਦੀ ਹੈ ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਨੂੰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਵਰਗੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਵਾਸਤੇ ਇਹ ਮੀਟਿੰਗਾਂ ਆਮ ਸਹਿਮਤੀ ਪੈਦਾ ਕਰਨ ਵਿੱਚ ਮਦਦਗਾਰ ਸਾਬਿਤ ਹੋਣਗੀਆਂ। ਇਸ ਦੌਰਾਨ ਪੰਜਾਬ ਦੇ ਬੁੱਢੇ ਨਾਲੇ ਦੀ ਸਮੱਸਿਆ ਬਾਰੇ ਵੀ ਵਿਚਾਰ ਕੀਤਾ ਗਿਆ ਅਤੇ ਕੈਪਟਨ ਨੇ ਸ਼ੇਖਾਵਤ ਨੂੰ ਭਰੋਸਾ ਦਿਵਾਇਆ ਕਿ ਇਸ ਦੀ ਸਫਾਈ ਦੇ ਕੰਮ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਉਦਯੋਗਾਂ ਦੇ ਗੰਦੇ ਪਾਣੀ ਤੋਂ ਬੁੱਢੇ ਨਾਲੇ ਨੂੰ ਹੋਰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਐੱਸਟੀਪੀਜ਼ ਨੂੰ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਕੈਪਟਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਕਾਰਾ ਹੋ ਚੁੱਕੇ ਟਿਊਬਵੈੱਲਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਾਸਤੇ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ।