ਤਰਨਤਾਰਨ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਆਪਣੇ ਲਾਭ ਲਈ ਜਾਣਬੁੁੱਝ ਕੇ ਸੈਂਕੜੇ ਲੋਕਾਂ ਦੀਆਂ ਜ਼ਿੰਦਗੀਆਂ ਲੈਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗੀ। ਊਨ੍ਹਾਂ ਇਹ ਗੱਲ ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾਵੇਗਾ।
ਪੀੜਤਾਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਮੁਆਵਜ਼ੇ ਦੀ ਰਾਸ਼ੀ 2 ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਸ਼ਰਾਬ ਪੀਣ ਬਾਅਦ ਅੱਖਾਂ ਦੀ ਰੌਸ਼ਨੀ ਗਈ ਹੈ ਉਨ੍ਹਾਂ ਨੂੰ ਵੀ 5 ਲੱਖ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਗਿਆ। ਪੀੜਤ ਪਰਿਵਾਰ ਦੂਰ ਦੂਰ ਬੈਠੇ ਹੋਏ ਸਨ। ਮੁੱਖ ਮੰਤਰੀ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡੀਜੀਪੀ ਦਿਨਕਰ ਗੁਪਤਾ ਤੋਂ ਇਲਾਵਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜੇ ਐਸ ਡਿੰਪਾ ਅਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਸਨ।
ਇਸ ਦੌਰਾਨ ਪੱਤਰਕਾਰਾਂ ਵੱਲੋਂ ਹਾਦਸੇ ਲਈ ਕਾਂਗਰਸੀ ਵਿਧਾਇਕ ਦੇ ਪੀਏ ਦੇ ਸ਼ਾਮਲ ਹੋਣ ਬਾਰੇ ਪੁੱਛੇ ਜਾਣ ’ਤੇ ਕੈਪਟਨ ਨੇ ਇਹ ਕਹਿੰਦਿਆਂ ਪੱਲਾ ਝਾੜ ਲਿਆ ਕਿ ਬਿਨਾਂ ਜਾਂਚ ਦੇ ਕਿਸੇ ਨਤੀਜੇ ’ਤੇ ਕਿਵੇਂ ਪੁੱਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮਾਂਬੱਧ ਜਾਂਚ ਲਈ ਵਿਸ਼ੇਸ਼ ਅਧਿਕਾਰੀਆਂ ਨੂੰ ਲਾਇਆ ਗਿਆ ਹੈ ਤੇ ਜਿਹੜੇ ਵੀ ਦੋਸ਼ੀ ਪਾਏ ਗਏ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ।
ਇਸ ਮੌਕੇ ਸੁਨੀਲ ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਤਕ ਜਿਹੜੇ ਫੜੇ ਗਏ ਹਨ ਉਹ ਤਾਂ ਸਿਰਫ ‘ਬਿੱਛੂ’ ਹਨ ਜਦੋਂ ਕਿ ‘ਮਗਰਮੱਛ’ ਹਾਲੇ ਵੀ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਮੁਲਜ਼ਮਾਂ ਨੂੰ ਪਨਾਹ ਦੇਣਗੇ ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਡਿਊਟੀ ਵਿੱਚ ਲਾਪ੍ਰਵਾਹੀ ਕਰਨ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਹ ਆਮ ਲਾਪ੍ਰਵਾਹੀ ਨਹੀਂ ਸਗੋਂ ‘ਅਪਰਾਧਕ ਲਾਪ੍ਰਵਾਹੀ’ ਹੈ।