
ਜ਼ਿਲ੍ਹੇ ਵਿੱਚ ਇੱਕ ਹੀ ਹੋਵੇਗਾ ਟਾਈਮ ਟੇਬਲ ਅਤੇ ਹਰ ਅਧਿਆਪਕ ਲਗਾਏਗਾ ਆਨਲਾਈਨ ਕਲਾਸ- ਗਿੱਲ, ਥਿੰਦ
ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਸੂਬੇ ‘ਚ ਕੋਰੋਨਾ ਕੇਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਾਗੂ ਕੀਤੀਆਂ ਕੋਵਿਡ-19 ਪਾਬੰਦੀਆਂ ਦੇ ਚੱਲਦਿਆਂ ਪਿਛਲੇ ਸੈਸ਼ਨ ਵਾਂਗ ਇਸ ਵਾਰ ਵੀ ਸਕੂਲੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕੋਰੋਨਾ ਪ੍ਰਛਾਵੇਂ ਹੇਠ ਆ ਗਈਆਂ ਹਨ।ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ ਵਿਦਿਆਰਥੀਆਂ ਲਈ ਸਕੂਲ ਬੰਦ ਕੀਤੇ ਜਾਣ ਨਾਲ ਸਰਕਾਰੀ ਸਕੂਲਾਂ ਦੀਆਂ ਗੈਰ ਬੋਰਡ ਜਮਾਤਾਂ ਦੀਆਂ ਚੱਲ ਰਹੀਆਂ ਘਰੇਲੂ ਪ੍ਰੀਖਿਆਵਾਂ ਅਤੇ ਪੰਜਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅੱਧ ਵਿਚਕਾਰ ਲਟਕ ਗਈਆਂ ਹਨ।
ਅੱਠਵੀਂ ਜਮਾਤ ਦੀਆਂ 22 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਲਟਕ ਗਈਆਂ ਹਨ।ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ ਕੀਤਾ ਹੋਇਆ ਹੈ। ਸੂਬਾ ਸਰਕਾਰ ਵੱਲੋਂ ਕੋਰੋਨਾ ਬਚਾਅ ਤੋਂ ਲਾਗੂ ਪਾਬੰਦੀਆਂ ਦੇ ਚੱਲਦਿਆਂ 31 ਮਾਰਚ ਤੱਕ ਵਿਦਿਆਰਥੀਆਂ ਦੇ ਸਕੂਲ ਨਾ ਆਉਣ ਦੀਆਂ ਪਾਬੰਦੀਆਂ ਨੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਖਾਸ ਕਰਕੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਬਾਰੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਸਮੇਤ ਵਿਦਿਆਰਥੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਜਿੱਥੇ ਕੋਰੋਨਾ ਬਚਾਅ ਦੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਉੱਥੇ ਹੀ ਕੋਰੋਨਾ ਹਾਲਾਤਾਂ ਦੇ ਸੁਖਾਵੇਂ ਹੋਣ ‘ਤੇ ਹੋਣ ਵਾਲੀਆਂ ਸਕੂਲੀ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵੀ ਕਿਹਾ ਗਿਆ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਤਾਲਾਬੰਦੀ ਦੇ ਸਮੇਂ ਵੀ ਆਨਲਾਈਨ ਪੜ੍ਹਾਈ ਜਰੀਏ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਣ ਵਾਲੇ ਸੰਭਾਵੀ ਨੁਕਸਾਨ ਦੀ ਕਾਫ਼ੀ ਹੱਦ ਤੱਕ ਪੂਰਤੀ ਕਰ ਲਈ ਸੀ।
ਉਹਨਾਂ ਕਿਹਾ ਕਿ ਸਰਕਾਰੀ ਪਾਬੰਦੀਆਂ ਦੇ ਚੱਲਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਿੱਧਾ ਰਾਬਤਾ ਖਤਮ ਹੋਣ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਮੁੜ ਤੋਂ ਆਨਲਾਈਨ ਪੜ੍ਹਾਈ ਦਾ ਰੁਖ਼ ਕਰਦਿਆਂ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾਉਣ ਸਮੇਤ ਸਮਾਜਿਕ ਸਹਿਯੋਗ ਨਾਲ ਕੀਤੇ ਜਾ ਸਕਣ ਵਾਲੇ ਹੋਰ ਵਸੀਲਿਆਂ ਜਰੀਏ ਵਿਦਿਆਰਥੀਆਂ ਦੀ ਪ੍ਰੀਖਿਆ ਤਿਆਰੀ ਦਾ ਆਲਮ ਜਾਰੀ ਰੱਖਿਆ ਹੋਇਆ ਹੈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਕਿਸੇ ਵੀ ਵਿਦਿਆਰਥੀ ਦੀ ਪ੍ਰੀਖਿਆ ਤਿਆਰੀ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਲਈ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਸਮਾਰਟ ਮੋਬਾਈਲ ਫ਼ੋਨ ਮੁਫ਼ਤ ਉਪਲਬਧ ਕਰਵਾਏ ਹੋਏ ਹਨ। ਆਨਲਾਈਨ ਪੜ੍ਹਾਈ ਦੇ ਸਾਧਨ ਤੋਂ ਸੱਖਣੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੱਡੀ ਗਰੁੱਪਾਂ ਅਤੇ ਸਮਾਜ ਦੀ ਮਦਦ ਨਾਲ ਆਨਲਾਈਨ ਪੜ੍ਹਾਈ ਨਾਲ ਜੋੜਿਆ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਜਮਾਤ ਦਾ ਇੱਕ ਹੀ ਟਾਈਮ ਟੇਬਲ ਹੋਵੇਗਾ ਅਤੇ ਹਰ ਅਧਿਆਪਕ ਉਸ ਟਾਈਮ ਟੇਬਲ ਦੇ ਅਨੁਸਾਰ ਆਨਲਾਈਨ ਕਲਾਸ ਲਗਾਏਗਾ।
ਉਹਨਾਂ ਦੱਸਿਆ ਕਿ ਸਕੂਲ ਮੁਖੀ ਅਤੇ ਬਲਾਕ ਨੋਡਲ ਅਫ਼ਸਰ ਸਕੂਲ ਪੱਧਰ ਤੇ ਇਹਨਾਂ ਆਨਲਾਈਨ ਜਮਾਤਾਂ ਦੀ ਮੋਨੀਟਰਿੰਗ ਕਰਨਗੇ ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ ਹੈੱਡ ਆਫ਼ਿਸ ਨੂੰ ਹਰ ਰੋਜ਼ ਭੇਜੀ ਜਾਵੇਗੀ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਨਵੇਂ ਦਾਖਲਾ ਮੁਹਿੰਮ ਤਹਿਤ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਵਾਰ 15 ਫ਼ੀਸਦੀ ਤੋਂ ਵੱਧ ਇਨਰੋਲਮੈਂਟ ਵਧਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਦਾਖਲੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਕਰਵਾਉਣ।