ਚੰਡੀਗੜ੍ਹ (ਸਮਾਜਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਸਰ ਵਿੱਚ ਇੱਕ ਪ੍ਰਾਈਵੇਟ ਲੈਬ ਦੁਆਰਾ ਕੀਤੇ ਕਥਿਤ ਕੋਵਿਡ-19 ਘੁਟਾਲੇ ਦੀ ਜਾਂਚ ਕਰੇਗੀ। ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਇਹ ਐਲਾਨ ਕੀਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਨਿੱਜੀ ਹਸਪਤਾਲਾਂ ਜਾਂ ਲੈਬਾਰਟਰੀਆਂ ਵੱਲੋਂ ਮਨੁੱਖਤਾ ਨੂੰ ਦਰਪੇਸ਼ ਕੋਵਿਡ-19 ਸੰਕਟ ਤੋਂ ਮੁਨਾਫ਼ਾ ਨਹੀਂ ਕਮਾਉਣ ਦੇਵੇਗੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪ੍ਰਾਈਵੇਟ ਲੈਬਾਰਟਰੀ ਖ਼ਿਲਾਫ਼ ਸ਼ਿਕਾਇਤ ਮਿਲੀ ਸੀ ਅਤੇ ਉਨ੍ਹਾਂ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਜਾਂਚ ਵਿੱਚ ਇਹ ਪਤਾ ਚੱਲਿਆ ਕਿ ਇਸ ਘੁਟਾਲੇ ਵਿੱਚ ਕਿਸੇ ਸਰਕਾਰੀ ਵਿਭਾਗ ਜਾਂ ਅਧਿਕਾਰੀ ਦੀ ਕੋਈ ਸ਼ਮੂਲੀਅਤ ਨਹੀਂ ਹੈ ਤਾਂ ਇਹ ਕੇਸ ਪੰਜਾਬ ਪੁਲੀਸ ਨੂੰ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਿੰਨ ਮੈਂਬਰੀ ਸਿਟ ਦੀ ਅਗਵਾਈ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ, ਜੋ ਇੱਕ ਡਾਕਟਰ ਵੀ ਹਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੇ ਮੈਂਬਰਾਂ ਵਿੱਚ ਸਿਵਲ ਸਰਜਨ ਵੀ ਹੋਣਗੇ।