ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ /ਐਲੀਮੈਂਟਰੀ ਕਪੂਰਥਲਾ ਗੁਰਭਜਨ ਸਿੰਘ ਲਾਸਾਨੀ ਅਤੇ ਉਪ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਨੇ ਸਾਂਝੇ ਤੌਰ ਉੱਤੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਜ਼ਿਲ੍ਹੇ ਭਰ ਦੇ ਸੈਕੰਡਰੀ ਅਤੇ ਐਲੀਮੈਂਟਰੀ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਅਧਿਆਪਕ ਸਟਾਫ਼ ਨੂੰ ਆਪੋ – ਆਪਣੇ ਕੋਰੋਨਾ ਵਾਇਰਸ ਟੈਸਟ ਕਰਵਾਉਣ ਲਈ ਪ੍ਰੇਰਿਆ ਹੈ।
ਉਕਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਸਿੱਖਿਆ ਵਿਭਾਗ ਸੈਕੰਡਰੀ ਅਤੇ ਐਲੀਮੈਂਟਰੀ ਪੰਜਾਬ ਵੱਲੋਂ ਪ੍ਰਾਪਤ ਹੋ ਰਹੇ ਸੰਕੇਤਾਂ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਜਲਦੀ ਹੀ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਨਾਲ ਨਰ ਬਹੁਤ ਸ਼ਰਧਾ ਅਨੁਸਾਰ ਸਕੂਲ ਖੁੱਲ ਰਹੇ ਹਨ, ਏਸ ਲਈ ਆਪਣੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਪੜ੍ਹਾਉਣ ਤੋਂ ਪਹਿਲਾਂ ਅਧਿਆਪਕਾਂ ਦਾ ਕਰੋਨਾ ਵਾਇਰਸ ਟੈਸਟ ਹੋਣਾ ਬਹੁਤ ਜ਼ਰੂਰੀ ਹੈ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਨੁਸਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਵੀ ਲਿਖਤੀ ਆਦੇਸ਼ ਜਾਰੀ ਹੋਏ ਹਨ ਕੇ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀ ਅਤੇ ਅਧਿਆਪਕ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਕੀਤੇ ਜਾਣ ਵਾਲੇ ਕਰੋਨਾ ਵਾਇਰਸ ਟੈਸਟ ਦੌਰਾਨ ਅਧਿਆਪਕ ਭਾਈਚਾਰਾ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਪੂਰਨ ਸਹਿਯੋਗ ਕਰੇ।