ਇੱਕ ਵਾਰ ਆਨੰਦਪੁਰ ਸਾਹਿਬ ਤੇ ਦੂਜੀ ਵਾਰ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਜਿੱਤ ਹਾਸਲ ਕਰਨ ਵਾਲੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੀ ਜਿੱਤ ਦੀ ਹੈਟਰਿਕ ਲਾਉਣ ਲਈ ਅੱਜ ਲੁਧਿਆਣਾ ਕਾਂਗਰਸ ਦੀ ਟੀਮ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਚਿੰਤਪੁਰਨੀ ਦੇ ਦਰਬਾਰ ਪੁੱਜ ਗਏ ਹਨ। ਭਾਵੇਂ ਹਾਲੇ ਕਾਂਗਰਸ ਪਾਰਟੀ ਨੇ ਸੂਬੇ ਦੀ ਸਭ ਤੋਂ ਅਹਿਮ ਲੁਧਿਆਣਾ ਲੋਕ ਸਭਾ ਸੀਟ ’ਤੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ, ਪਰ ਫਿਰ ਸੰਭਾਵਿਤ ਉਮੀਦਵਾਰ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚਰਚਾ ਹੈ ਕਿ ਚਿੰਤਪੁਰਨੀ ਦਰਬਾਰ ਵਿੱਚ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਲੋਕ ਸਭਾ ਚੋਣਾਂ ਲਈ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਬਿੱਟੂ ਦੇ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਵਿਧਾਇਕ ਸੁਰਿੰਦਰ ਡਾਬਰ, ਵਿਧਾਇਕ ਸੰਜੈ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦੇ ਨਾਲ ਕਈ ਕਾਂਗਰਸੀ ਆਗੂ ਵੀ ਸ਼ਾਮਲ ਸਨ। ਹਾਲਾਂਕਿ ਵਿਧਾਇਕ ਰਾਕੇਸ਼ ਪਾਂਡੇ ਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਗੈਰ-ਹਾਜ਼ਰੀ ਦੀ ਚਰਚਾ ਹੈ। ਜ਼ਿਕਰਯੋਗ ਹੈ ਕਿ ਚੋਣਾਂ ਵਿੱਚ ਜਿੱਤ ਹਾਸਲ ਕਰਨ ਦੇ ਲਈ ਸਿਆਸੀ ਆਗੂ ਹਮੇਸ਼ਾ ਹੀ ਧਾਰਮਿਕ ਸਥਾਨਾਂ ’ਤੇ ਡੇਰਿਆਂ ਦੀ ਸ਼ਰਨ ਵਿੱਚ ਪੁੱਜਦੇ ਹਨ। ਇਸ ਤੋਂ ਇਲਾਵਾ ਵਿਧਾਇਕ ਸੰਜੈ ਤਲਵਾੜ ਮਾਤਾ ਚਿੰਤਪੁਰਨੀ ਦੇ ਭਗਤ ਹਨ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਵੀ ਮਾਤਾ ਚਿੰਤਪੁਰਨੀ ਦਰਬਾਰ ਵਿੱਚ ਮੱਥਾ ਟੇਕਣ ਤੋਂ ਬਾਅਦ ਕੀਤੀ ਸੀ। ਇਸੇ ਤਹਿਤ ਹੁਣ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਅੱਜ ਆਪਣੀ ਲੁਧਿਆਣਾ ਕਾਂਗਰਸ ਦੀ ਟੀਮ ਨਾਲ ਉਥੇ ਮੱਥਾ ਟੇਕਿਆ ਤੇ ਲੋਕ ਸਭਾ ਚੋਣਾਂ ਜਿੱਤਣ ਲਈ ਦੁਆ ਮੰਗੀ। ਲੁਧਿਆਣਾ ਕਾਂਗਰਸ ਦੀ ਪੂਰੀ ਟੀਮ ਨੇ ਦੁਆ ਮੰਗੀ ਕਿ ਇਸ ਲੋਕ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਕੇ ਬਿੱਟੂ ਆਪਣੀ ਜਿੱਤ ਦੀ ਹੈਟਰਿਕ ਪੂਰੀ ਕਰਨ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਬਹੁਤ ਸਾਰੇ ਕਾਂਗਰਸੀ ਆਗੂਆਂ ਨੇ ਫੋਟੋਆਂ ਨੂੰ ਸ਼ੇਅਰ ਕੀਤਾ।