‘ਜੇਲ੍ਹ ਭਰੋ’ ਅੰਦੋਲਨ: ਪ੍ਰਸ਼ਾਸਨ ਨੇ ਕਿਸਾਨਾਂ-ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਹੱਥ ਖੜ੍ਹੇ ਕੀਤੇ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਗਾਂ ਲਈ ਸ਼ੁਰੂ ਕੀਤੇ ‘ਜੇਲ੍ਹ ਭਰੋ’ ਅੰਦੋਲਨ ਦੇ ਅੱਜ ਪਹਿਲੇ ਦਿਨ 51 ਕਿਸਾਨ-ਮਜ਼ਦੂਰਾਂ ਵਲੋਂ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ ਗਿਆ| ਗ੍ਰਿਫ਼ਤਾਰੀਆਂ ਦੇਣ ਵਾਲੇ ਜਥੇ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਰਵਾਨਾ ਕਰਨ ਤੋਂ ਪਹਿਲਾਂ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਹ ਭਰਪੂਰ ਰੈਲੀ ਕੀਤੀ| ਗ੍ਰਿਫ਼ਤਾਰੀਆਂ ਦੇਣ ਵਾਲੇ ਕਿਸਾਨਾਂ-ਮਜ਼ਦੂਰਾਂ ਨੇ ਘੰਟਿਆਂ ਤੱਕ ਡਿਪਟੀ ਕਮਿਸ਼ਨਰ ਦੇ ਦਫਤਰ ਦਾ ਘਿਰਾਓ ਕੀਤਾ ਅਤੇ ਪ੍ਰਸ਼ਾਸਨ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੰਗਾਰਿਆ| ਸ਼ਾਮ ਨੂੰ ਅਧਿਕਾਰੀਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ’ਤੇ ਜਥੇਬੰਦੀ ਨੇ ਆਪਣਾ ਅੰਦੋਲਨ ਜਾਰੀ ਰੱਖਦਿਆਂ ਰੋਜ਼ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ| ਅੰਦੋਲਨ ਵਿਚ ਔਰਤ ਵਰਕਰਾਂ ਨੇ ਵੀ ਚੋਖੀ ਗਿਣਤੀ ਸੀ| ਰੈਲੀ ਨੂੰ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੋਂ ਇਲਾਵਾ ਹੋਰ ਆਗੂ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿਧਵਾਂ, ਗੁਰਲਾਲ ਸਿੰਘ ਪੰਡੋਰੀ, ਸਤਨਾਮ ਸਿੰਘ ਮਾਨੋਚਾਹਲ, ਜਵਾਹਰ ਸਿੰਘ ਟਾਂਡਾ, ਕੁਲਵੰਤ ਸਿੰਘ ਭੈਲ, ਦਿਆਲ ਸਿੰਘ ਮੀਆਂਵਿੰਡ, ਧੰਨਾ ਸਿੰਘ ਲਾਲੂ ਘੁੰਮਣ, ਮੇਹਰ ਸਿੰਘ ਤਲਵੰਡੀ, ਸਲਵਿੰਦਰ ਸਿੰਘ, ਜਗੀਰ ਸਿੰਘ ਚੁਤਾਲਾ, ਕੁਲਵਿੰਦਰ ਕੌਰ ਨੇ ਸੰਬੋਧਨ ਕੀਤਾ| ਜਥੇਬੰਦੀ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕੱਚਰਭੰਨ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਘਰੇਲੂ ਬਿਜਲੀ ਦੀ ਦਰ ਇਕ ਰੁਪਏ ਪ੍ਰਤੀ ਯੂਨਿਟ ਕਰਨ, ਅਬਾਦਕਾਰਾਂ ਨੂੰ ਮਾਲਕੀ ਦੇ ਹੱਕ ਦੇਣ, ਜਿਣਸਾਂ ਦੀ ਸਰਕਾਰੀ ਖਰੀਦ ਜਾਰੀ ਰੱਖਣ ਦੀ ਮੰਗ ਕੀਤੀ।

Previous articleਸ਼ਹੀਦ ਸਕੁਐਡਰਨ ਲੀਡਰ ਸਿਧਾਰਥ ਵਸ਼ਿਸ਼ਟ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ
Next articleਪ੍ਰਾਪਰਟੀ ਡੀਲਰ ਵੱਲੋਂ ਤੇਜ਼ਾਬ ਪੀ ਕੇ ਖ਼ੁਦਕੁਸ਼ੀ