ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨਾਲ ਸਹੀ ਤਰੀਕੇ ਨਾਲ ਨਾ ਨਜਿੱਠਣ ਕਾਰਨ ਹੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸ੍ਰੀ ਬਾਦਲ ਨੇ ਬਿਆਨ ਵਿੱਚ ਕਿਹਾ ਕਿ ਭਾਵੇਂ ਬਰਤਾਨਵੀ ਪ੍ਰਧਾਨ ਮੰਤਰੀ ਨੇ ਕਰੋਨਾ ਮਹਾਮਾਰੀ ਨੂੰ ਦੌਰਾ ਰੱਦ ਕਰਨ ਦਾ ਕਾਰਨ ਦੱਸਿਆ ਹੈ, ਪਰ ਇਹ ਸਪਸ਼ਟ ਹੈ ਕਿ ਉਹ ਵਿਦੇਸ਼ਾਂ ਵਿੱਚ ਵਸਦੇ ਸੰਸਦ ਮੈਂਬਰਾਂ ਸਮੇਤ ਪੰਜਾਬੀਆਂ ਵੱਲੋਂ ਬਣਾਏ ਜਾ ਰਹੇ ਦਬਾਅ ਦੇ ਅੱਗੇ ਝੁਕ ਗਏ ਹਨ।
ਇਸਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਬਰਤਾਨੀਆ ਲੋਕਤੰਤਰੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੇ ਜਾ ਰਹੇ ਸੰਘਰਸ਼ ਨਾਲ ਧੱਕੇਸ਼ਾਹੀ ਦੇ ਬਿਲਕੁਲ ਖ਼ਿਲਾਫ਼ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਰਤਾਨਵੀ ਪ੍ਰਧਾਨ ਮੰਤਰੀ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਭਾਰਤ ਦੇ ਕਿਸਾਨਾਂ ਦੀ ਆਵਾਜ਼ ਸੁਣੀ ਹੈ ਅਤੇ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਭਾਰਤ ਆਉਣ ਤੋਂ ਜਵਾਬ ਦੇ ਦਿੱਤਾ। ਉਨ੍ਹਾਂ ਕਿਹਾ ਕਿ ਬੌਰਿਸ ਜੌਹਨਸਨ ਨੇ ਵਿਸ਼ਵ ਭਾਈਚਾਰੇ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਕਿਵੇਂ ਭਾਰਤ ਵਿਚ ਕਿਸਾਨਾਂ ਨਾਲ ਬਦਸਲੂਕੀ ਹੋ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨ ਸੰਘਰਸ਼ ਨੂੰ ਉਸ ਸੰਜੀਦਗੀ ਨਾਲ ਨਜਿੱਠਣ ਜਿਸਦੀ ਤਵੱਕੋ ਕੀਤੀ ਜਾ ਰਹੀ ਸੀ।
ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਬੌਰਿਸ ਜੌਹਨਸਨ ਇਸ ਕਰ ਕੇ ਭਾਰਤ ਦੌਰੇ ’ਤੇ ਨਹੀਂ ਆਏ ਕਿਉਂਕਿ ਕੜਾਕੇ ਦੀ ਸਰਦੀ ਵਿਚ ਕਿਸਾਨਾਂ ਨੇ ਦਿੱਲੀ ਬਾਰਡਰ ਘੇਰੇ ਹੋੲੇ ਹਨ ਅਤੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਹਾਲਾਤ ਬੇਕਾਬੂ ਹੋ ਜਾਣ ਪ੍ਰਧਾਨ ਮੰਤਰੀ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ।