ਨਵੀਂ ਦਿੱਲੀ (ਸਮਾਜ ਵੀਕਲੀ) : ਇਥੇ ਜੰਤਰ ਮੰਤਰ ’ਤੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਸੰਸਦ ਦਾ ਸਰਦ ਰੁੱਤ ਇਜਲਾਸ ਸੱਦਣ ਦੀ ਮੰਗ ਨੂੰ ਲੈ ਕੇ ਪੰਜਾਬ ਨਾਲ ਸਬੰਧਤ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਲਾਏ ਧਰਨੇ ਵਿੱਚ ਅੱਜ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸ਼ਸ਼ੀ ਥਰੂਰ ਵੀ ਸ਼ਾਮਲ ਹੋ ਗਏ। ਥਰੂਰ ਨੇ ਇਕ ਟਵੀਟ ’ਚ ਧਰਨੇ ’ਚ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ। ਜੰਤਰ ਮੰਤਰ ’ਤੇ 7 ਦਸੰਬਰ ਤੋਂ ਜਾਰੀ ਧਰਨੇ ’ਚ ਹੁਣ ਤੱਕ ਕਈ ਹੋਰਨਾਂ ਪਾਰਟੀਆਂ ਦੇ ਵਿਧਾਇਕ ਤੇ ਆਗੂ ਵੀ ਸ਼ਾਮਲ ਹੋ ਚੁੱਕੇ ਹਨ।
ਇਸ ਦੌਰਾਨ ਧਰਨੇ ’ਤੇ ਬੈਠੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ, ‘ਅਸੀਂ ਉਦੋਂ ਤੱਕ ਇਥੇ ਬੈਠਾਂਗੇ, ਜਦੋਂ ਤੱਕ ਕਿਸਾਨਾਂ ਦਾ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਜਾਰੀ ਰਹੇਗਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਤੇ ਕਿਸਾਨ ਮੰਗਾਂ ਦਾ ਹੱਲ ਕੱਢੇ।’ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ, ‘ਪੰਜਾਬ ਸਰਕਾਰ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਹੈ ਤੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਕਿਸਾਨਾਂ ਦੀ ਹਮਾਇਤ ਕਰੀਏ….ਸਰਕਾਰ ਵੱਲੋਂ ਆਪਣੇ ਫੈਸਲੇ ਵਾਪਸ ਲਏ ਜਾਣ ਤੱਕ ਧਰਨੇ ਜਾਰੀ ਰਹਿਣਗੇ।’