ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਭੰਗ ਕਰਨ ਦਾ ਅਕਾਲ ਤਖ਼ਤ ਵੱਲੋਂ ਵਿਰੋਧ

ਅੰਮ੍ਰਿਤਸਰ (ਸਮਾਜਵੀਕਲੀ) :  ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਦੇ ਰਾਜਪਾਲ ਅਤੇ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਭੰਗ ਨਾ ਕਰਨ ਅਤੇ ਪ੍ਰਸ਼ਾਸਕ ਨਾ ਲਾਊਣ ਦੀ ਅਪੀਲ ਕੀਤੀ ਹੈ। ਅੱਜ ਜਥੇਦਾਰ ਨੇ ਆਖਿਆ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਲਈ ਆਖਿਆ ਗਿਆ ਸੀ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਸੂਬੇ ਦੇ ਰਾਜਪਾਲ ਨੂੰ ਪੱਤਰ ਵੀ ਭੇਜਿਆ ਹੈ।

ਉਨ੍ਹਾਂ ਆਖਿਆ ਕਿ ਗੁਰਦੁਆਰਾ ਪ੍ਰਬੰਧ ਬੋਰਡ ਦਾ ਪ੍ਰਸ਼ਾਸਕ ਲਾਉਣ ਦਾ ਮਤਲਬ ਗੁਰਦੁਆਰੇ ਦੇ ਮਾਮਲਿਆਂ ਵਿਚ ਸਰਕਾਰ ਦੀ ਸਿੱਧੀ ਦਖ਼ਲਅੰਦਾਜ਼ੀ ਹੈ, ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਗੁਰਦੁਆਰਾ ਪ੍ਰਬੰਧਕ ਬੋਰਡ ਦੀ ਮਿਆਦ ਅੱਜ ਤਕ ਹੈ। ਕਰੋਨਾ ਮਹਾਮਾਰੀ ਕਾਰਨ ਇਸ ਦੀਆਂ ਚੋਣਾਂ ਨਹੀਂ ਹੋ ਸਕੀਆਂ। ਸਰਕਾਰ ਚੋਣਾਂ ਕਰਾਉਣ ਦੀ ਥਾਂ ਇਸ ਦਾ ਪ੍ਰਸ਼ਾਸਕ ਲਾਉਣਾ ਚਾਹੁੰਦੀ ਹੈ ਜਦਕਿ ਇਸ ਦੀ ਮਿਆਦ ਵਿਚ ਵਾਧਾ ਕਰ ਕੇ ਇਸ  ਨੂੰ ਇਸੇ ਢੰਗ ਨਾਲ ਚੱਲਦਾ ਰੱਖਣਾ ਚਾਹੀਦਾ ਹੈ।

ਉਨ੍ਹਾਂ ਨੇ ਜੰਮੂ ਕਸ਼ਮੀਰ ਸਿਵਲ ਸਰਵਿਸਿਜ਼ ਕਮਿਸ਼ਨ ਵਿਚ ਵੀ ਸਿੱਖ ਮੈਂਬਰ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਲਗਾਤਾਰ ਇਸ ਕਮਿਸ਼ਨ ਵਿਚ ਸਿੱਖ ਮੈਂਬਰ ਨਾਮਜ਼ਦ ਹੁੰਦਾ ਰਿਹਾ ਹੈ ਪਰ ਹੁਣ ਇਸ ਨੂੰ ਅਣਡਿੱਠ ਕੀਤਾ ਗਿਆ ਹੈ।  ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਪ੍ਰਸ਼ਾਸਕ ਲਾਉਣ ਦੀ ਕਾਰਵਾਈ ’ਤੇ ਰੋਕ ਲਾਉਣ ਅਤੇ ਮੌਜੂਦਾ ਕਮੇਟੀ ਨੂੰ ਨਵੀਂ ਚੋਣ ਤਕ ਕੰਮ ਕਰਨ ਦਾ ਹੱਕ ਦੇਣ ਦੀ ਮੰਗ ਕੀਤੀ ਹੈ।

Previous articleਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ
Next articleਬਾਜਵਾ ’ਤੇ ਸਿੱਖਸ ਫਾਰ ਜਸਟਿਸ ਦੇ ਆਗੂਆਂ ਨਾਲ ਨੇੜਲੇ ਸਬੰਧ ਹੋਣ ਦਾ ਦੋਸ਼