ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਗੱਠਜੋੜ ਕਾਇਮ

ਸ੍ਰੀਨਗਰ (ਸਮਾਜ ਵੀਕਲੀ) : ਜੰਮੂ ਕਸ਼ਮੀਰ ਦੀਆਂ ਮੁੱਖ ਧਾਰਾ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਮੀਟਿੰਗ ਕੀਤੀ ਤੇ ਸੂਬੇ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਇੱਕ ਗੱਠਜੋੜ ਬਣਾਇਆ। ਇਹ ਗੱਠਜੋੜ ਇਸ ਮੁੱਦੇ ’ਤੇ ਸਾਰੀਆਂ ਸਬੰਧਤ ਧਿਰਾਂ ਨਾਲ ਵਾਰਤਾ ਵੀ ਸ਼ੁਰੂ ਕਰੇਗਾ।

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ’ਚ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ, ਪੀਪਲਜ਼ ਕਾਨਫਰੰਸ ਦੇ ਪ੍ਰਧਾਨ ਸੱਜਾਦ ਲੋਨ, ਪੀਪਲਜ਼ ਮੂਵਮੈਂਟ ਦੇ ਆਗੂ ਜਾਵੇਦ ਮੀਰ ਤੇ ਸੀਪੀਆਈ (ਐੱਮ) ਦੇ ਆਗੂ ਮੁਹੰਮਦ ਯੂਸਫ਼ ਤਰੀਗਾਮੀ ਹਾਜ਼ਰ ਹੋਏ। ਤਕਰੀਬਨ ਦੋ ਘੰਟੇ ਚੱਲੀ ਮੀਟਿੰਗ ਮਗਰੋਂ ਫਾਰੂਕ ਅਬਦੁੱਲ੍ਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਨੇ ਗੱਠਜੋੜ ਬਣਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਦਾ ਨਾਂ ‘ਪੀਪਲਜ਼ ਅਲਾਇੰਸ ਫਾਰ ਗੁਪਕਾਰ ਡੈਕਲੇਰੇਸ਼ਨ’ ਰੱਖਿਆ ਗਿਆ ਹੈ।

ਨੈਸ਼ਨਲ ਕਾਨਫਰੰਸ ਦੇ ਮੁਖੀ ਨੇ ਕਿਹਾ ਕਿ ਗੱਠਜੋੜ ਜੰਮੂ ਕਸ਼ਮੀਰ ਦੇ ਸਬੰਧ ’ਚ ਸੰਵਿਧਾਨਕ ਸਥਿਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਰੇਗਾ ਜਿਵੇਂ ਕਿ ਪਿਛਲੇ ਸਾਲ ਪੰਜ ਅਗਸਤ ਤੋਂ ਪਹਿਲਾਂ ਸੀ। ਉਨ੍ਹਾਂ ਕਿਹਾ, ‘ਜੰਮੂ ਕਸ਼ਮੀਰ ਤੇ ਲੱਦਾਖ ਤੋਂ ਜੋ ਖੋਹ ਲਿਆ ਗਿਆ ਹੈ, ਉਸ ਦੀ ਬਹਾਲੀ ਲਈ ਅਸੀਂ ਸੰਘਰਸ਼ ਕਰਾਂਗੇ। ਸਾਡੀ ਸੰਵਿਧਾਨਕ ਲੜਾਈ ਹੈ। ਅਸੀਂ (ਜੰਮੂ ਕਸ਼ਮੀਰ ਦੇ ਸਬੰਧ ’ਚ) ਸੰਵਿਧਾਨ ਦੀ ਬਹਾਲੀ ਲਈ ਕੋਸ਼ਿਸ਼ਾਂ ਕਰਾਂਗੇ ਜਿਵੇਂ ਕਿ ਪੰਜ ਅਗਸਤ 2019 ਤੋਂ ਪਹਿਲਾਂ ਸੀ।’

ਅਬਦੁੱਲ੍ਹਾ ਨੇ ਕਿਹਾ ਕਿ ਗੱਠਜੋੜ ਜੰਮੂ ਕਸ਼ਮੀਰ ਦੇ ਮੁੱਦੇ ਦੇ ਹੱਲ ਲਈ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਵੀ ਕਰੇਗਾ। ਉਨ੍ਹਾਂ ਕਿਹਾ, ‘ਆਉਣ ਵਾਲੇ ਸਮੇਂ ’ਚ ਅਸੀਂ ਤੁਹਾਨੂੰ ਭਵਿੱਖੀ ਯੋਜਨਾਵਾਂ ਬਾਰੇ ਜਾਣੂ ਕਰਾਵਾਂਗੇ।’ ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਊਮਰ ਅਬਦੁੱਲ੍ਹਾ ਤੇ ਹੋਰ ਸੀਨੀਅਰ ਆਗੂ ਮੀਟਿੰਗ ’ਚ ਹਾਜ਼ਰ ਸਨ। ਜੇਕੇਪੀਸੀਸੀ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਮੈਡੀਕਲ ਕਾਰਨਾਂ ਕਰਕੇ ਮੀਟਿੰਗ ’ਚ ਸ਼ਾਮਲ ਨਾ ਹੋ ਸਕੇ। ਅਬਦੁੱਲ੍ਹਾ ਨੇ ਕਿਹਾ ਮੀਟਿੰਗ ’ਚ ਸ਼ਾਮਲ ਆਗੂਆਂ ਨੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੂੰ 14 ਮਹੀਨੇ ਦੀ ਹਿਰਾਸਤ ਤੋਂ ਬਾਅਦ ਰਿਹਾਅ ਹੋਣ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੇ ਹਿਰਾਸਤ ਨੂੰ ਪੂਰੀ ਤਰ੍ਹਾਂ ਗ਼ੈਰਕਾਨੂੰਨੀ ਤੇ ਨਾਜਾਇਜ਼ ਕਰਾਰ ਦਿੱਤਾ।

Previous articleKyrgyz PM declares himself acting president
Next articleਅੰਗਰੇਜ਼ੀ ਨਹੀਂ ਤਾਂ ਸਥਾਈ ਨਿਵਾਸ ਵੀ ਨਹੀਂ: ਆਸਟਰੇਲੀਆ