ਬਾਬਾ ਫ਼ਰੀਦ ਯੂਨੀਵਰਸਿਟੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਲਈ ਅੱਜ ਵੀ ਅੜੇ ਰਹੇ ਅਤੇ 24 ਘੰਟਿਆਂ ਬਾਅਦ ਵੀ ਪਾਣੀ ਦੀ ਟੈਂਕੀ ਤੋਂ ਹੇਠਾਂ ਨਹੀਂ ਆਏ। ਇਸੇ ਦਰਮਿਆਨ ਕੜਾਕੇ ਦੀ ਠੰਢ ਕਾਰਨ ਇੱਕ ਕਰਮਚਾਰੀ ਦੀ ਹਾਲਤ ਕਾਫ਼ੀ ਖਰਾਬ ਹੋ ਗਈ। ਜਿਸ ਨੂੰ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਲਾਜ਼ਮਾਂ ਦਾ ਸੰਘਰਸ਼ ਖਤਮ ਕਰਵਾਉਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਵੀ ਕਰਵਾਈ ਗਈ ਪਰੰਤੂ ਇਹ ਪੂਰੀ ਤਰਾਂ ਬੇਸਿੱਟਾ ਰਹੀ। ਬਾਬਾ ਫਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਦੇਰ ਰਾਤ ਇੱਕ ਪੱਤਰ ਜਾਰੀ ਕਰਕੇ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਇਕਬਾਲ ਸਿੰਘ ਨੂੰ ਦੱਸਿਆ ਕਿ ਸਿਹਤ ਵਿਭਾਗ ਦੇ ਸਕੱਤਰ ਕੇ.ਕੇ. ਤਲਵਾੜ, ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਨੇ ਕੱਚੇ ਕਰਮਚਾਰੀਆਂ ਦੀ 5 ਫ਼ੀਸਦੀ ਤਨਖਾਹ ਵਧਾਉਣ ਦੀ ਪ੍ਰਵਾਨਗੀ ਦਿੱਤੀ ਹੈ, ਇਸ ਲਈ ਕਰਮਚਾਰੀਆਂ ਨੂੰ ਆਪਣਾ ਅੰਦੋਲਨ ਵਾਪਸ ਲੈਣਾ ਚਾਹੀਦਾ ਹੈ। ਮੁਲਾਜ਼ਮ ਯੂਨੀਅਨ ਦੇ ਆਗੂ ਗੁਰਇਕਬਾਲ ਸਿੰਘ ਨੇ ਕਿਹਾ ਕਿ 235 ਮੁਲਾਜ਼ਮ ਪਿਛਲੇ 12 ਸਾਲਾਂ ਤੋਂ ਪੱਕੀ ਨੌਕਰੀ ਲਈ ਜੱਦੋ-ਜਹਿਦ ਕਰ ਰਹੇ ਹਨ ਅਤੇ ਯੂਨੀਵਰਸਿਟੀ ਜਾਣ ਬੁੱਝ ਕੇ ਉਹਨਾਂ ਦੀ ਮੰਗ ਨੂੰ ਲਟਕਾ ਰਹੀ ਹੈ ਜਦੋਂ ਕਿ ਬਾਅਦ ਵਿੱਚ ਨੌਕਰੀ ‘ਤੇ ਆਏ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਰਜਿਸਟਰਾਰ ਦੀ ਮੰਗ ਰੱਦ ਕਰਦਿਆਂ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸੇ ਦਰਮਿਆਨ ਸ਼ਹਿਰ ਦੀਆਂ ਅੱਧੀ ਦਰਜਨ ਭਰਾਰਤੀ ਜੱਥੇਬੰਦੀਆਂ ਨੇ ਯੂਨੀਵਰਸਿਟੀ ਮੁਲਾਜ਼ਮਾਂ ਦੇ ਸੰਘਰਸ਼ ਦੀ ਖੁੱਲੀ ਹਮਾਇਤ ਕਰਦਿਆਂ ਦੋਸ਼ ਲਾਇਆ ਕਿ ਯੂਨੀਵਰਸਿਟੀ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ।
INDIA ਟੈਂਕੀ ’ਤੇ ਚੜ੍ਹੇ ਯੂਨੀਵਰਸਿਟੀ ਕਰਮਚਾਰੀਆਂ ਦੀ ਹਾਲਤ ਗੰਭੀਰ