ਟੈਲੀਕਾਮ ਨਾਲ ਸਬੰਧਤ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਭਲਕੇ 30 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਧਰਨੇ ਲਗਾਏ ਜਾਣਗੇ, ਉਪਰੰਤ 14 ਨਵੰਬਰ ਨੂੰ ਸੂਬਾ ਪੱਧਰੀ ਰੈਲੀ ਕਰਕੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਅੱਜ ਇੱਥੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਅਵਤਾਰ ਸਿੰਘ ਝਾਂਡੇ, ਕੰਵਲਜੀਤ ਸਿੰਘ ਸ਼ੰਕਰ, ਸੁਰਜੀਤ ਸਿੰਘ, ਜਗਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜੇ ਕੇਂਦਰ ਸਰਕਾਰ ਨੇ 30 ਨਵੰਬਰ ਤੱਕ ਟੈਲੀਕਾਮ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਮੂਹ ਜਥੇਬੰਦੀਆਂ ਦੇਸ਼ ਭਰ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਕੰਮਕਾਜ ਠੱਪ ਰੱਖਣਗੀਆਂ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਟੈਲੀਕਾਮ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਪਹਿਲੀ ਜਨਵਰੀ 2017 ਤੋਂ ਸੋਧ ਕੀਤੀ ਜਾਣੀ ਸੀ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਸੋਧਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਟੈਲੀਕਾਮ ਨੂੰ 4 ਜੀ ਸਪੈਕਟਰਮ ਅਲਾਟ ਕੀਤਾ ਜਾਵੇ ਤਾਂ ਜੋ ਉਹ ਵੀ ਨਿੱਜੀ ਕੰਪਨੀਆਂ ਦਾ ਮੁਕਾਬਲਾ ਕਰ ਸਕਣ ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਿੱਧੀ ਭਰਤੀ ਕੀਤੇ ਗਏ ਮੁਲਾਜ਼ਮਾਂ ਦੀ ਸੇਵਾਮੁਕਤੀ ਉਪਰੰਤ ਦਿੱਤੇ ਜਾਣ ਵਾਲੇ ਲਾਭਾਂ ਲਈ ਸਰਕਾਰੀ ਹਿੱਸੇ ਵਜੋਂ ਭਾਰਤ ਸੰਚਾਰ ਨਿਗਮ ਲਿਮਿਟਡ ਆਪਣਾ ਹਿੱਸਾ ਸਬੰਧਿਤ ਵਿਭਾਗਾਂ ਨੂੰ ਜਮ੍ਹਾਂ ਕਰਵਾਏ ਤਾਂ ਕਿ ਸੇਵਾਮੁਕਤ ਹੋਣ ਤੋਂ ਬਾਅਦ ਸਾਰੇ ਮੁਲਾਜ਼ਮਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਵਿਭਾਗ ਵਿੱਚ ਕੰਮ ਕਰਦੇ ਸਾਢੇ ਤਿੰਨ ਲੱਖ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਵਿੱਚ ਵੀ ਸੋਧ ਕਰਨ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਭਾਰਤ ਸੰਚਾਰ ਨਿਗਮ 2005-2006 ਤੱਕ ਲਗਾਤਾਰ ਹਜ਼ਾਰਾਂ ਕਰੋੜ ਰੁਪਏ ਕਮਾ ਰਿਹਾ ਸੀ ਪਰ ਉਸ ਤੋਂ ਬਾਅਦ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਇਸ ਵਿੱਚ ਲਗਾਤਾਰ ਘਾਟਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਟੈਲੀਕਾਮ ਮੁਲਾਜ਼ਮਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਮੁਲਾਜ਼ਮ ਪੱਕੇ ਤੌਰ ਤੇ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਲਈ ਮਜਬੂਰ ਹੋਣਗੇ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।