ਲੋਹੀਆਂ, (ਸਮਾਜ ਵੀਕਲੀ ਬਿਊਰੋ) – ਵਿਧਾਇਕ ਸ਼ਾਹਕੋਟ ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਹੜ੍ਹਾਂ ਕਾਰਨ ਉਨਾਂ ਦੇ ਹੋਏ ਹਰ ਇਕ ਨੁਕਸਾਨ ਸਬੰਧੀ ਅਨੁਮਾਨ ਟੀਮਾਂ ਨੂੰ ਦਰਜ ਕਰਵਾਇਆ ਜਾਵੇ ਤਾਂ ਕਿ ਪੰਜਾਬ ਸਰਕਾਰ ਵਲੋਂ ਉਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ।
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਮਹਿਰਾਜ ਵਾਲਾ ਵਿਖੇ ਪਾਣੀ ਘਟਣ ਤੋਂ ਬਾਅਦ ਮੁੜ ਵਸੇਬੇ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ । ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ, ਪਸ਼ੂ ਧਨ ਅਤੇ ਘਰਾਂ ਤੋਂ ਇਲਾਵਾ ਹਰ ਤਰ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ ਜਿਸ ਦੀ ਅਸੈਸਮੇਂਟ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਗਏ ਪਟਵਾਰੀਆਂ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਸ਼ੂ ਧਨ, ਘਰਾਂ ਜਾਂ ਕਿਸੇ ਵੀ ਤਰ੍ਹਾਂ ਦੇ ਹੋਏ ਨੁਕਸਾਨ ਸਬੰਧੀ ਇਨਾਂ ਮਾਲ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾ ਕਿਹਾ ਕਿ ਲੋਕਾਂ ਦੇ ਹੋਏ ਇਕ-ਇਕ ਪੈਸੇ ਦਾ ਮੁਆਵਜ਼ਾ ਜ਼ਿਲਾ ਪ੍ਰਸ਼ਾਸਨ ਵਲੋਂ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਵਲੋਂ ਮਨੁੱਖਾਂ ਅਤੇ ਪਸ਼ੂਆਂ ਦੇ ਇਲਾਜ ਲਈ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਤਾਇਨਾਤ ਕੀਤੀਆਂ ਗਈਆਂ ਡਾਕਟਰਾਂ ਅਤੇ ਵੈਟਰਨਰੀ ਅਫ਼ਸਰਾਂ ਅਤੇ ਹੋਰ ਟੀਮਾਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਹਰ ਸੰਭਵ ਕਦਮ ਉਠਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਬ ਡਵੀਜ਼ਨਲ ਮੈਜਿਸਟਰੇਟ ਡਾ.ਚਾਰੂਮਿਤਾ ਅਤੇ ਹੋਰ ਵੀ ਹਾਜ਼ਰ ਸਨ।
INDIA ਡਿਪਟੀ ਕਮਿਸ਼ਨਰ ਅਤੇ ਵਿਧਾਇਕ ਵਲੋਂ ਲੋਕਾਂ ਨੂੰ ਹੋਏ ਨੁਕਸਾਨ ਦਾ ਵੇਰਵਾ ਦਰਜ...