ਜਲੰਧਰ 23 ਜੂਨ (ਸਮਾਜ ਵੀਕਲੀ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਦਰਿਆ ਸਤਲੁਜ ਦੇ ਨਾਲ ਲੱਗਦੇ ਕੰਢਿਆਂ ਨੂੰ ਅਗਾਮੀ ਬਰਸਾਤੀ ਮੌਸਮ ਤੋਂ ਪਹਿਲਾਂ-ਪਹਿਲਾਂ ਮਜ਼ਬੂਤ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤੀ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੀ ਲੋੜ ਹੈ ਤਾਂ ਕਿ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਦੇ ਕੰਢਿਆਂ ਖਾਸ ਕਰਕੇ ਫਿਲੌਰ ਅਤੇ ਸ਼ਾਹਕੋਟ ਡਵੀਜ਼ਨ ਵਿੱਚ ਪੈਂਦੇ ਕੰਢਿਆਂ ਨੂੰ ਸਮੇਂ ਸਿਰ ਮਜ਼ਬੂਤ ਕਰ ਲਿਆ ਜਾਵੇ। ਚੱਲ ਰਹੇ ਕੰਮਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਦੋ ਹਫ਼ਤਿਆਂ ਦੇ ਵਿੱਚ-ਵਿੱਚ ਸਾਰੇ ਕੰਮਾਂ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਨਾਲ ਸਾਰੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਥੋਰੀ ਨੇ ਕਿਹਾ ਕਿ ਉਨਾਂ ਵਲੋਂ ਆਉਣ ਵਾਲੇ ਦਿਨਾਂ ਦੌਰਾਨ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਚੱਲ ਰਹੇ ਕੰਮਾਂ ਦਾ ਰੋਜ਼ਾਨਾ ਜਾਇਜ਼ਾ ਲੈ ਕੇ ਉਨਾਂ ਨੂੰ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਕੰਮ ਸਮੇਂ ਸਿਰ ਸੁਚਾਰੂ ਢੰਗ ਨਾਲ ਮੁਕੰਮਲ ਹੋ ਜਾਣੇ ਚਾਹੀਦੇ ਹਨ। ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਕਿ ਆਉਣ ਵਾਲੀ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਅਣਕਿਆਸੀ ਸਥਿਤੀ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ.ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ ਅਤੇ ਡਾ.ਵਿਨੀਤ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।