ਜਲੰਧਰ 23 ਜੂਨ (ਸਮਾਜ ਵੀਕਲੀ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦਾ ਹੋਰ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਲਈ ਬਹੁ ਪੱਖੀ ਰਣਨੀਤੀ ਜਿਸ ਵਿੱਚ ਕੋਰੋਨਾ ਵਾਇਰਸ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਕਰਨਾ, ਮਾਈਕਰੋ ਕੰਟੇਨਮੈਂਟ ਜ਼ੋਨ ਬਣਾਉਣਾ, ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣਾ ਅਤੇ ਮਨੁੱਖੀ ਸਰੋਤਾਂ ਨੂੰ ਵਧਾਉਣਾ ਸ਼ਾਮਿਲ ਹੈ ਨੂੰ ਅਪਣਾਇਆ ਜਾਵੇਗਾ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਮਾਜ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ ਜੋ ਕਿ ਅਣਪਛਾਤੇ ਹੋਣ ਕਰਕੇ ਵੱਡਾ ਖ਼ਤਰਾ ਬਣੇ ਹੋਏ ਹਨ ਦੀ 100 ਪ੍ਰਤੀਸ਼ਤ ਪਹਿਚਾਣ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਪੀੜਤ ਅਤੇ ਸ਼ੱਕੀ ਮਰੀਜ਼ਾਂ ਨੂੰ ਮੈਡੀਕਲ ਪ੍ਰੋਟੋਕਾਲ ਅਨੁਸਾਰ ਆਈਸੋਲੇਸ਼ਨ ਵਾਰਡਾਂ ਵਿੱਚ ਰੱਖਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸ੍ਰੀ ਥੋਰੀ ਨੇ ਕਿਹਾ ਕਿ ਕੋਵਿਡ-19 ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਲਈ ਤਕਨੀਕ ਅਤੇ ਆਪਸੀ ਸੂਝਬੂਝ ਦੀ ਵਰਤੋਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਤੋਂ ਵੱਧ ਟੈਸਟ ਕੀਤੇ ਜਾਣ ਅਤੇ ਜੇਕਰ ਕੋਈ ਮਰਦ ਜਾਂ ਔਰਤ ਪਾਜ਼ੀਟਿਵ ਪਾਏ ਜਾਂਦੇ ਹਨ ਤਾਂ ਉਨਾ ਨੂੰ ਆਈਸੋਲੇਟ ਕੀਤਾ ਜਾਵੇ ਤਾਂ ਜੋ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਮਰੀਜ਼ਾਂ ਦੀ ਚੇਨ ਨੂੰ ਪਹਿਚਾਣ ਕੇ ਸਿਹਤ ਵਿਭਾਗ ਵਲੋਂ ਟੈਸਟ ਤੋਂ ਬਾਅਦ ਪਾਜੀਟਿਵ ਮਰੀਜ਼ਾਂ ਨੂੰ ਅਲੱਗ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਮਾਜ ਲਈ ਖ਼ਤਰਾ ਨਾ ਬਣ ਸਕਣ। ਸ੍ਰੀ ਥੋਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਵੱਡੇ ਜਨਤਕ ਹਿੱਤ ਵਿੱਚ ਇਨ੍ਹਾਂ ਹਦਾਇਤਾਂ ਦੀ ਸਖ਼ਤ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿਨਾਂ ਖੇਤਰਾਂ ਵਿੱਚ ਪੰਜ ਤੋਂ ਵੱਧ ਕੋਰੋਨਾ ਵਾਇਰਸ ਦੇ ਪਾਜੀਟਿਵ ਕੇਸ ਸਾਹਮਣੇ ਆਏ ਹਨ ਉਨਾਂ ਖੇਤਰਾਂ ਵਿੱਚ ਮਾਈਕਰੋ ਕੰਟੇਨਮੈਂਟ ਜ਼ੋਨ ਅਤੇ ਕੰਟੇਨਮੈਂਟ ਜੋਨ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ । ਉਨ੍ਹਾਂ ਦੁਹਰਾਇਆ ਕਿ ਇਸ ਨਾਲ ਵੱਖ-ਵੱਖ ਵਿਭਾਗਾਂ ਨੂੰ ਬਾਰੀਕੀ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇਗਾ। ਸ੍ਰੀ ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਜਿਨਾਂ ਇਲਾਕਿਆਂ ਵਿੱਚ ਕੇਸ ਸਾਹਮਣੇ ਆ ਰਹੇ ਹਨ ਦੀ ਮਾਈਕਰੋ ਮੇਨੈਜਮੈਂਟ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਡਾਕਟਰੀ ਖੇਤਰ ਨਾਲ ਜੁੜੇ ਲੋਕਾਂ ਖਾਸ ਕਰਕੇ ਡਾਕਟਰਾਂ ਨੂੰ ਸਮਾਜ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਮੈਡੀਕਲ ਅਮਲੇ ਵਲੋਂ ਇਸ ਔਖੀ ਘੜੀ ਵਿੱਚ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜਿਨਾ ਨੂੰ ਪ੍ਰਤੀ ਦਿਨ 3500 ਰੁਪਏ ਮਿਹਨਤਾਨਾ ਦਿੱਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ ਅਤੇ ਡਾ. ਜੈ ਇੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਹਰਪੀ੍ਰਤ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ, ਸੀਨੀਅਰ ਮੈਡੀਕਲ ਅਫ਼ਸਰ ਡਾ.ਰਮਨ ਸ਼ਰਮਾ, ਡਾ.ਸਤਿੰਦਰ ਪੁਵਾਰ, ਡਾ.ਸਤੀਸ਼ ਅਤੇ ਹੋਰ ਵੀ ਹਾਜ਼ਰ ਸਨ।
HOME ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਵਾਇਰਸ ਦਾ ਹੋਰ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ...