*ਸੰਭਾਵੀ ਹੜਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
*ਨਾਜ਼ੁਕ ਥਾਵਾਂ ਦੀ ਮਜ਼ਬੂਤੀ ਅਤੇ ਡਰੇਨਾਂ ਦੀ ਸਫ਼ਾਈ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ
*ਦਰਿਆ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਕਪੂਰਥਲਾ, 30 ਜੂਨ ( ਕੌੜਾ ) (ਸਮਾਜਵੀਕਲੀ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਅਧਿਕਾਰੀਆਂ ਸਮੇਤ ਜ਼ਿਲੇ ਅੰਦਰ ਦਰਿਆ ਬਿਆਸ ਨਾਲ ਲਗਦੇ ਧੁੱਸੀ ਬੰਨ ਅਤੇ ਸੰਭਾਵੀ ਹੜਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਦੌਰਾਨ ਉਨਾਂ ਭੁਲੱਥ ਅਤੇ ਕਪੂਰਥਲਾ ਸਬ-ਡਵੀਜ਼ਨਾਂ ਦੇ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਲਈ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਉਨਾਂ ਦੋਵਾਂ ਸਬ-ਡਵੀਜ਼ਨਾਂ ਵਿਚ ਪੈਂਦੀਆਂ ਡਰੇਨਾਂ ਅਤੇ ਬਰਸਾਤੀ ਨਾਲਿਆਂ ਦਾ ਵੀ ਨਿਰੀਖਣ ਕੀਤਾ ਅਤੇ ਇਨਾਂ ਦੀ ਸਫ਼ਾਈ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਮੌਜੂਦ ਸੈਨਿਕ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਹੰਗਾਮੀ ਹਾਲਤ ਮੌਕੇ ਉਹ ਜ਼ਿਲਾ ਪ੍ਰਸ਼ਾਸਨ ਦੇ ਨਾਲ ਖੜੇ ਹਨ।
ਡਿਪਟੀ ਕਮਿਸ਼ਨਰ ਨੇ ਆਪਣਾ ਲੰਬਾ ਦੌਰਾ ਤਹਿਸੀਲ ਭੁਲੱਥ ਤੋਂ ਸ਼ੁਰੂ ਕਰਕੇ ਪਹਿਲਾਂ ਮੰਡ ਕੂਕਾ ਅਤੇ ਮੰਡ ਸਰਦਾਰ ਸਾਹਿਬ ਵਾਲਾ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ ਹੋਰਨਾਂ ਥਾਵਾਂ ਦਾ ਮੁਆਇਨਾ ਕਰਦੇ ਹੋਏ ਉਹ ਵਾਇਆ ਨਡਾਲਾ ਅਤੇ ਢਿਲਵਾਂ ਬਿਆਸ ਦਰਿਆ ਦੇ ਨਾਲ-ਨਾਲ ਹੁੰਦੇ ਹੋਏ ਤਹਿਸੀਲ ਕਪੂਰਥਲਾ ਦੇ ਪਿੰਡ ਬਾਘੂਵਾਲ ਪੁੱਜੇ, ਜਿਥੇ ਉਨਾਂ ਡਰੇਨੇਜ ਵਿਭਾਗ ਵੱਲੋਂ ਕੀਤੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨਾਂ ਅੰਮਿ੍ਰਤਪੁਰ ਪੁਲ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੜਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਨਾਂ ਕਿਹਾ ਕਿ ਡਰੇਨੇਜ ਵਿਭਾਗ ਨੂੰ ਨਾਜ਼ੁਕ ਥਾਵਾਂ ਦੀ ਮਜ਼ਬੂਤੀ ਦੇ ਨਾਲ-ਨਾਲ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਵੀ ਮਿੱਥੇ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੰਭਾਵੀ ਹੜਾਂ ਤੋਂ ਬਚਾਅ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ।
ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਭੁਲੱਥ ਸ. ਰਣਦੀਪ ਸਿੰਘ ਹੀਰ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਤਹਿਸੀਲਦਾਰ ਸ. ਮਨਵੀਰ ਸਿੰਘ ਢਿੱਲੋਂ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਡਰੇਨੇਜ ਵਿਭਾਗ ਦੇ ਐਕਸੀਅਨ ਸ. ਅਜੀਤ ਸਿੰਘ ਤੇ ਐਸ. ਡੀ. ਓ ਸ੍ਰੀ ਕੰਵਲਜੀਤ ਤੇ ਸ੍ਰੀ ਖੁਸ਼ਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ. ਨਾਜਰ ਸਿੰਘ, ਨਾਇਬ ਤਹਿਸੀਲਦਾਰ ਢਿਲਵਾਂ ਸ੍ਰੀ ਰਾਜੀਵ ਖੋਸਲਾ, ਮੇਜਰ ਐਮ. ਸਾਂਗਵਾਨ, ਮੇਜਰ ਹੇਮੰਤ ਭੰਡਾਰੀ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।