ਪਾਣੀ ਦੇ ਸੰਕਟ ਨਾਲ ਜੂਝ ਰਹੇ ਪਾਣੀਆਂ ਦੇ ਸੂਬੇ ਪੰਜਾਬ ਨੂੰ ਬਚਾਉਣ ਲਈ ਸਰਕਾਰੀ ਤੰਤਰ ਸਰਗਰਮ ਹੋ ਗਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪਹਿਲ ਕਦਮੀ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਮੀਂਹ ਦੇ ਪਾਣੀ ਨੂੰਂ ਧਰਤੀ ਹੇਠ ਰੀਚਾਰਜ ਕਰਨ ਲਈ ਤਿੰਨ ਰੇਨ ਵਾਟਰ ਹਰਵੈਸਟਿੰਗ ਸਿਸਟਮ ਲਗਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਸ ’ਤੇ 6 ਲੱਖ 25 ਹਜ਼ਾਰ ਰੁਪਏ ਦੀ ਰਕਮ ਖਰਚ ਆਵੇਗੀ।ਭੂਮੀ ਅਤੇ ਪਾਣੀ ਰੱਖਿਆ ਵਿਭਾਗ ਵਲੋਂ ਸਥਾਨਾਂ ਦੀ ਨਿਸ਼ਾਨਦੇਹੀ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਹੀ 10 ਬਲਾਕਾਂ ਨੂੰ ਪਹਿਲਾਂ ਦੀ ਪਾਣੀ ਦੀ ਵੱਧ ਵਰਤੋਂ ਕਰਨ ਵਾਲੇ ਐਲਾਨਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਨਾ ਕੇਵਲ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰੇਗਾ ਸਗੋਂ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਵੀ ਰੋਕੇਗਾ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸ਼ਹਿਰੀ ਇਲਾਕਿਆਂ ਵਿੱਚ ਬਰਸਾਤੀ ਪਾਣੀ ਸੀਵਰੇਜ ਵਿੱਚ ਚਲਾ ਜਾਂਦਾ ਹੈ ਜਾਂ ਸੁੱਕ ਜਾਂਦਾ ਹੈ ਜਿਹੜਾ ਕਿ ਹੁਣ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵਰਤਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ।ਵੱਡੀ ਪੱਧਰ ’ਤੇ ਬੂਟੇ ਲਗਾ ਕੇ ਹਰਿਆਵਲ ਹੇਠ ਰਕਬੇ ਨੂੰ ਵਧਾਉਣਾ ਅਤੇ ਘੱਟ ਪਾਣੀ ਵਾਲੀਆਂ ਫ਼ਸਲਾਂ ਬੀਜਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ ਜਿਨ੍ਹਾਂ ਲਈ ਪਾਣੀ ਦੀ ਬਹੁਤ ਘੱਟ ਲੋੜ ਹੁੰਦੀ ਹੈ। ਇਸੇ ਤਰ੍ਹਾਂ ਤੁਪਕਾ ਸਿੰਜਾਈ ਅਤੇ ਰੇਨ ਹਾਰਵੈਸਟਿੰਗ ਸਿਸਟਮ ਲਗਾਉਣ ਵਰਗੇ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਸ਼ਰਮਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਜਿੱਥੇ ਵੀ ਉਹ ਰਹਿੰਦੇ ਹਨ ਉਥੇ ਪਾਣੀ ਬਚਾਉਣ ਲਈ ਰਾਜਦੂਤ ਬਣ ਕੇ ਕੰਮ ਕਰਨ। ਇਹ ਸਾਡੇ ਸਭ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਕੁਦਰਤੀ ਸਰੋਤਾਂ ਨੂੰ ਬਚਾਇਆ ਜਾਵੇ ਨਹੀਂ ਤਾਂ ਸਾਰਿਆਂ ਨੂੰ ਧਰਤੀ ’ਤੇ ਬਹੁਤ ਹੀ ਭਿਆਨਕ ਸਥਿਤੀ ਦਾ ਸਾਹਮਣਾ ਕਰਨਾ ਪੈਣਗੇ। ਉਨ੍ਹਾਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਨੂੰ ਹਰ ਹਾਲਤ ਵਿੱਚ ਬਚਾਇਆ ਜਾਵੇ। ਭੂਮੀ ਅਤੇ ਪਾਣੀ ਰੱਖਿਆ ਵਿਭਾਗ ਦੇ ਸਬ ਡਵੀਜ਼ਨਲ ਅਫ਼ਸਰ ਲੁਪਿੰਦਰ ਕੁਮਾਰ ਨੇ ਦੱਸਿਆ ਕਿ ਰੇਨ ਹਾਰਵੈਸਟਿੰਗ ਸਿਸਟਮ ਤੋਂ ਇਲਾਵਾ ਵਿਭਾਗ ਵਲੋਂ ਤੁਪਕਾ ਸਿੰਜਾਈ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਨਾਲ ਖੇਤੀਬਾੜੀ ਲਈ ਵਰਤੇ ਜਾਂਦੇ 75 ਪ੍ਰਤੀਸ਼ਤ ਪਾਣੀ ਨੂੰ ਬਚਾਇਆ ਜਾ ਸਕੇਗਾ।
INDIA ਡੀਏਸੀ ’ਚ ਲੱਗੇਗਾ ਸ਼ਹਿਰ ਦਾ ਪਹਿਲਾ ਰੇਨ ਵਾਟਰ ਹਾਰਵੈਸਟਿੰਗ ਸਿਸਟਮ