ਰਈਆ (ਸਮਾਜ ਵੀਕਲੀ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਕਰੋੜ ਦੀ ਲਾਗਤ ਨਾਲ ਤਿਆਰ ਸਬ-ਤਹਿਸੀਲ ਬਿਆਸ ਦੀ ਹਾਈਟੈੱਕ ਇਮਾਰਤ ਦਾ ਉਦਘਾਟਨ ਕੀਤਾ। ਇਸ ਉਪਰੰਤ ਪੰਚਾਇਤ ਘਰ ਬਿਆਸ ਨੇੜੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਰੱਖੇ ਪ੍ਰੋਗਰਾਮ ’ਚ ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਡੀਜੀਪੀ ਦੀ ਨਿਯੁਕਤੀ ਦਾ ਪੈਨਲ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ ਅਤੇ ਛੇਤੀ ਹੀ ਉਸ ਅਨੁਸਾਰ ਹੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਸਰਕਾਰ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਵੱਡੀਆਂ ਮੱਛੀਆਂ ਨੂੰ ਫੜਨ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-ਇੱਕ ਕਰ ਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈੱਟਵਰਕ’ ਹੈ ਅਤੇ ਇਸ ਸਬੰਧ ਵਿੱਚ ਜਲਦੀ ਹੀ ਕਾਰਵਾਈ ਨਜ਼ਰ ਆਵੇਗੀ।
ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗੱਠਜੋੜ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਝੂਠੇ ਵਾਅਦੇ ਕਰ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਤੋਂ ਸਿਵਾਏ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਦੇਣ ਦਾ ‘ਆਪ’ ਦਾ ਐਲਾਨ ਸਰਾਸਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਰਾਜ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਸੌਰ ਬਿਜਲੀ 17.38 ਰੁਪਏ ਵਿੱਚ ਲੈਣ ਦੇ ਕਰਾਰ ਕੀਤੇ ਗਏ ਸਨ ਜਿਹੜੇ ਕਿ ਪੰਜਾਬ ਸਰਕਾਰ ਵੱਲੋਂ ਰੱਦ ਕਰ ਦਿੱਤੇ ਗਏ ਹਨ ਅਤੇ ਹੁਣ ਬਿਜਲੀ 2.38 ਰੁਪਏ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਬਲ ਨੈੱਟਵਰਕ ਦੇ ਨਾਲ-ਨਾਲ ਬੇਅਦਬੀ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਠੋਸ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ ਅਤੇ ਅਸਲ ਦੋਸ਼ੀਆਂ ਨੂੰ ਫੜਿਆ ਜਾ ਸਕੇ।
ਉਨ੍ਹਾਂ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਲਈ ਐਲਾਨੀ 5 ਕਰੋੜ ਰਾਸ਼ੀ ਜਾਰੀ ਕਰਵਾਉਣ, ਰਈਆ ਨਗਰ ਪੰਚਾਇਤ ਲਈ ਮਨਜ਼ੂਰ 2 ਕਰੋੜ ਰੁਪਏ ਦੀ ਰਾਸ਼ੀ ਦੇਣ ਤੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਹਲਕੇ ਲਈ 10 ਕਿਲੋਮੀਟਰ ਲੰਮੀਆਂ ਸੜਕਾਂ, ਕਿਸਾਨਾਂ ਦੀ ਲੋੜ ਨੂੰ ਦੇਖਦਿਆਂ ਸਠਿਆਲਾ-ਬੁਤਾਲਾ ਮੰਡੀ ਵਿੱਚ ਸ਼ੈੱਡ ਬਣਵਾਉਣ, ਸਟੇਡੀਅਮ ਬਣਾਉਣ ਲਈ ਰਾਸ਼ੀ, ਬਿਆਸ ਗ੍ਰਾਮ ਪੰਚਾਇਤ ਲਈ ਕੂੜਾ ਚੁੱਕਣ ਵਾਲੀ ਸਵੀਪਿੰਗ ਅਤੇ ਲਿਫ਼ਟਿੰਗ ਮਸ਼ੀਨ ਦੇਣ ਆਦਿ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly