ਤਰਨ ਤਾਰਨ- ਪਿਛਲੇ ਦਿਨੀਂ ਪੁਲੀਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ ਟੀਮ ਦਾ ਗਠਨ ਕੀਤਾ ਹੈ ਜਿਹੜੀ ਆਪਣੀ ਰਿਪੋਰਟ 15 ਦਿਨਾਂ ਦੇ ਅੰਦਰ ਪੇਸ਼ ਕਰੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਪੁਲੀਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਦਿੱਤੀ ਗਈ ਰਿਪੋਰਟ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਿਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦਿਨੀਂ ਐਸਐਸਪੀ ਧਰੁਵ ਦਹੀਆ ਦੇ ਹੁਕਮਾਂ ਨੇ 24 ਪੁਲੀਸ ਮੁਲਾਜ਼ਮਾਂ ਦੇ ਸਿਵਲ ਹਸਪਤਾਲ ਤਰਨ ਤਾਰਨ ਤੋਂ ਡੋਪ ਟੈਸਟ ਕਰਵਾਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਸਹੀ ਪਾਈ ਗਈ। ਐਸਐਸਪੀ ਨੇ ਦੋ ਦਿਨ ਬਾਅਦ ਹੀ ਇਨ੍ਹਾਂ ਮੁਲਾਜ਼ਮਾਂ ਦੇ ਡੋਪ ਟੈਸਟ ਸਿਵਲ ਹਸਪਤਾਲ, ਅੰਮ੍ਰਿਤਸਰ ਵਿਖੇ ਕਰਵਾਏ ਗਏ ਜਿਥੇ 14 ਪੁਲੀਸ ਮੁਲਾਜ਼ਮਾਂ ਦੇ ਡੋਪ ਟੈਸਟ ਫੇਲ੍ਹ ਪਾਏ ਗਏ ਸਨ।
ਐੱਸਐੱਸਪੀ ਧਰੁਵ ਦਹੀਆ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਦੀ ਜਾਂਚ ਕਰਾਉਣ ਲਈ ਲਿਖਿਆ ਗਿਆ ਸੀ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਕੀਤੇ ਗਏ ਡੋਪ ਟੈਸਟਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਹੁਣ ਤੱਕ ਕੀਤੇ ਗਏ ਡੋਪ ਟੈਸਟਾਂ ਸਬੰਧੀ ਸਾਰੇ ਰਿਕਾਰਡ ਦੀ ਘੋਖ ਕਰ ਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦੀ ਭਿਆਨਕ ਬਿਮਾਰੀ ਨਾਲ ਜੂਝ ਰਿਹਾ ਹੈ| ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
INDIA ਡੀਸੀ ਵਲੋਂ ਡੋਪ ਟੈਸਟ ਲਈ ਜਾਂਚ ਕਮੇਟੀ ਕਾਇਮ